ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋਹਾਖੇੜਾ, ਰੱਤੋਕੇ ਅਤੇ ਤੱਕੀਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ
ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ
ਦਲਜੀਤ ਕੌਰ
ਸੁਨਾਮ, 23 ਮਈ, 2025: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਸੁਨਾਮ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ ਪਿੰਡ ਲੋਹਾਖੇੜਾ, ਰੱਤੋਕੇ ਅਤੇ ਤੱਕੀਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਐੱਸ.ਡੀ.ਐਮ., ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।
ਐੱਸ.ਡੀ.ਐਮ. ਨੇ ਕਿਹਾ ਕਿ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ।
ਐੱਸ.ਡੀ.ਐਮ. ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਪੀ.ਏ. ਸੰਜੀਵ ਕੁਮਾਰ, ਜਰਨੈਲ ਸਿੰਘ ਸਰਪੰਚ ਲੋਹਾਖੇੜਾ, ਜਸਪਾਲ ਸਿੰਘ ਸਰਪੰਚ ਤੱਕੀਪੁਰ, ਹਰਦੀਪ ਕੌਰ ਸਰਪੰਚ ਰੱਤੋਕੇ, ਬਲਜਿੰਦਰ ਸਿੰਘ, ਸੁਖਪਾਲ ਸਿੰਘ, ਮਨੀ ਰੱਤੋਕੇ, ਗੁਰਦੀਪ ਸਿੰਘ ਤੱਕੀਪੁਰ, ਜੋਗਾ ਸਿੰਘ ਬਾਠ ਤੱਕੀਪੁਰ, ਰਸ਼ਪਾਲ ਸਿੰਘ ਰੱਤੋਕੇ, ਬਲਵਿੰਦਰ ਸਿੰਘ ਸਰਪੰਚ, ਲਾਭ ਸਿੰਘ ਨੀਲੋਵਾਲ, ਮਨਿੰਦਰ ਸਿੰਘ ਸਰਪੰਚ, ਲਵਦੀਪ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ, ਸੰਦੀਪ ਦੁੱਗਾਂ, ਮਨੀ ਸਾਰੋਂ, ਐੱਸ.ਐੱਚ.ਓ. ਲੌਂਗੋਵਾਲ ਬਲਵੰਤ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।