ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ
* ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾਲ
* ਲੋਕ ਹੁਣ ਤਸਕਰਾਂ ਵਿਰੁੱਧ ਖੜ੍ਹੇ ਹੋ ਰਹੇ ਹਨ, ਪਿੰਡ ਨਸ਼ਾ ਮੁਕਤੀ ਲਈ 100 ਫੀਸਦੀ ਯਤਨਸ਼ੀਲ: ਅਰਵਿੰਦ ਕੇਜਰੀਵਾਲ
* ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਲਈ ਅੱਗੇ ਆਓ: ਮੁੱਖ ਮੰਤਰੀ ਨੇ ਲੋਕਾਂ ਨੂੰ ਦਿੱਤਾ ਸੱਦਾ
* ਕਿਹਾ, ਰਾਜ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ
* ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਲੜਾਈ ਜਾਰੀ ਰੱਖਾਂਗੇ
ਨਾਭਾ (ਪਟਿਆਲਾ), 25 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।
ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ਿਆਂ ਦਾ ਸਰਾਪ ਖ਼ਤਮ ਨਹੀਂ ਹੋ ਜਾਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਕਿਸੇ ਅੰਤਿਮ ਸਿੱਟੇ ਤੱਕ ਪਹੁੰਚਾਉਣ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਡੂੰਘੀ ਸੱਟ ਵੱਜੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।
ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ 'ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਨੂੰ ਸਾਫ਼ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸੂਬੇ ਦੇ ਲੋਕਾਂ ਨੂੰ ਪ੍ਰਗਤੀਸ਼ੀਲ ਨੀਤੀਆਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਭਾਵੇਂ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਹੈ ਪਰ ਸੂਬੇ ਦੇ ਲੋਕਾਂ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਮਾਜ ਦੇ ਹਰ ਵਰਗ ਨੂੰ ਆਪਣੇ-ਆਪਣੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਪ੍ਰਦਾਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਨਿੱਚਰਵਾਰ ਨੂੰ ਨਵੀਂ ਦਿੱਲੀ ਵਿਖੇ ਹੋਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.), ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੀ ਵਧੀਕੀ, ਚੰਡੀਗੜ੍ਹ ਅਤੇ ਹੋਰ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੇ ਹਿੱਤਾਂ ਦੇ ਰਖਵਾਲੇ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਅਤੇ ਉਹ ਹਮੇਸ਼ਾ ਅਜਿਹਾ ਕਰਦੇ ਰਹਿਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਦੀਆਂ ਵਿਰੋਧੀ ਤਾਕਤਾਂ ਸਮਾਜ ਵਿੱਚ ਫੁੱਟ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਪਰ ਉਹ ਆਪਣੇ ਇਸ ਮਾੜੇ ਮਨਸੂਬੇ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ 'ਤੇ ਕਦੇ ਨਹੀਂ ਪੁੰਗਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਦੋ ਤਰ੍ਹਾਂ ਦੇ ਲੋਕ ਹੁੰਦੇ ਹਨ, ਇੱਕ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਅਤੇ ਦੂਜੇ ਪੈਰਾਸ਼ੂਟਰ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਉਹ ਹੁੰਦੇ ਹਨ, ਜੋ ਪੂਰੀ ਦੁਨੀਆ ਨੂੰ ਜਿੱਤਣ ਲਈ ਜ਼ਮੀਨ ਤੋਂ ਉੱਠਦੇ ਹਨ ਅਤੇ ਇਹ ਮਿਹਨਤੀ ਲੋਕ ਅਸਮਾਨ ਛੋਹਣ ਦੀ ਹਿੰਮਤ ਰੱਖਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੇ ਪਾਸੇ ਪੈਰਾਸ਼ੂਟਰ ਸਿੱਧੇ ਅਸਮਾਨ ਤੋਂ ਆਉਂਦੇ ਹਨ ਪਰ ਉਨ੍ਹਾਂ ਦਾ ਜ਼ਮੀਨ 'ਤੇ ਡਿੱਗਣਾ ਤੈਅ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਪਿੰਡ ਵਾਸੀ ਨਸ਼ਾ ਮੁਕਤ ਹੋ ਰਹੇ ਹਨ ਕਿਉਂਕਿ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਹਰ ਪਿੰਡ ਨੂੰ ਇਸ ਅਹਿਮ ਪ੍ਰੋਗਰਾਮ ਅਧੀਨ ਲਿਆਂਦਾ ਜਾ ਰਿਹਾ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ੇ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਅਤੇ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਰਾਹਤ ਦੇਣ ਦੇ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਰੰਗਲਾ ਪੰਜਾਬ ਜਲਦੀ ਹੀ ਹਕੀਕਤ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਰਹੀ ਹੈ, ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰੇਗਾ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਹੋਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਡਾ ਬਲਬੀਰ ਸਿੰਘ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਹੋਰ ਵੀ ਮੌਜੂਦ ਸਨ।