ਅੰਮ੍ਰਿਤਸਰ 'ਚ ਡਰੋਨ ਚਲਾਉਣ 'ਤੇ ਲੱਗੀ ਪਾਬੰਦੀ
ਅੰਮ੍ਰਿਤਸਰ, 10 ਮਈ 2025- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ (UAVs), ਜਿਨ੍ਹਾਂ ਨੂੰ ਆਮ ਤੌਰ 'ਤੇ ਡਰੋਨ ਕਿਹਾ ਜਾਂਦਾ ਹੈ, ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਇਹ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇੱਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ।
ਇਸ ਤੋਂ ਇਲਾਵਾ ਇਹ ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ, ਤਸਕਰੀ, ਸੰਵੇਦਨਸ਼ੀਲ ਸਥਾਪਨਾਵਾਂ ਦੀ ਫੋਟੋਗ੍ਰਾਫੀ, ਸ਼ਾਂਤੀ ਲਈ ਨੁਕਸਾਨਦੇਹ ਹੋਰ ਗਤੀਵਿਧੀਆਂ ਲਈ ਅਜਿਹੇ ਡਰੋਨ ਦੀ ਦੁਰਵਰਤੋਂ ਕਰ ਸਕਦੇ ਹਨ।
ਇਸ ਲਈ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਆਧਾਰ 'ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹਨਾਂ 'ਤੇ ਪਾਬੰਦੀ ਲਗਾਉਂਦੀ ਹਾਂ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ, ਪਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਹਥਿਆਰਬੰਦ ਬਲਾਂ, ਜਾਂ ਕਿਸੇ ਹੋਰ ਸਰਕਾਰੀ ਏਜੰਸੀਆਂ ਦੁਆਰਾ ਸਰਕਾਰੀ ਡਿਊਟੀਆਂ ਲਈ ਚਲਾਏ ਜਾਣ ਵਾਲੇ ਡਰੋਨ ਉੱਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਅਧਿਕਾਰਤ ਕਿਸੇ ਵੀ ਅਧਿਕਾਰੀ ਤੋਂ ਪਹਿਲਾਂ ਲਿਖਤੀ ਇਜਾਜ਼ਤ ਨਾਲ ਵਰਤੇ ਜਾਣ ਵਾਲੇ ਡਰੋਨ ਉੱਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਇਸ ਹੁਕਮ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਹੋਰ ਲਾਗੂ ਕਾਨੂੰਨਾਂ ਦੇ ਉਪਬੰਧਾਂ ਅਧੀਨ ਦੰਡਕਾਰੀ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।