ਆਂਗਣਵਾੜੀਆਂ ਵਿਚਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਠਿੰਡਾ ਜ਼ਿਲ੍ਹੇ ਵਿੱਚ ਖੇਡ ਮੁਕਾਬਲੇ
ਅਸ਼ੋਕ ਵਰਮਾ
ਬਠਿੰਡਾ, 12 ਮਾਰਚ 2026 : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਆਂਗਣਵਾੜੀ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਨਾਲ ਉਨ੍ਹਾਂ ਦੀ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਸਿਖਣ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਹੋਰ ਉਤਸ਼ਾਹਿਤ ਕੀਤਾ ਜਾਵੇਗਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ਆਈ.ਸੀ.ਡੀ.ਐਸ.) ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਆਂਗਣਵਾੜੀ ਕੇਂਦਰਾਂ ਦੇ ਬੱਚੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਇਨ੍ਹਾਂ ਖੇਡ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਦੌੜ, ਗੇਂਦ ਸੁੱਟ, ਰਿੰਗ ਗੇਮ ਸਮੇਤ ਕਈ ਮਨੋਰੰਜਕ ਅਤੇ ਰੌਚਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨਸ਼ੈਲੀ ਦੇ ਮੁੱਲਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
Click to Follow Babushahi Facebook page →