ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਸੰਵਿਧਾਨ ਦੀ ਰਾਖੀ ਅਤੇ ਸੰਸਦ ਦੇ ਘਿਰਾਉ ਸਬੰਧੀ ਕਨਵੈਂਨਸ਼ਨ
ਅਸ਼ੋਕ ਵਰਮਾ
ਬਠਿੰਡਾ , 18 ਨਵੰਬਰ 2026 : ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ 26 ਨਵੰਬਰ ਨੂੰ ਸੰਵਿਧਾਨ ਬਚਾਓ ਦਿਵਸ ਮਨਾਉਣ ਅਤੇ 1-2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਘਿਰਾਓ ਦੀ ਤਿਆਰੀ ਸਬੰਧੀ ਅੱਜ ਬਠਿੰਡਾ ਵਿਖੇ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕੀਤੀ।
ਕਨਵੈਨਸ਼ਨ ਦੀ ਸ਼ੁਰੂਆਤ ਇਨਕਲਾਬੀ ਯੋਧੇ ਸ਼ਹੀਦ ਬਟੁਕੇਸ਼ਵਰ ਦੱਤ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਸੰਬੋਧਨ ਕਰਦਿਆਂ ਦੇਸ਼ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਕਰਨਾ ਬੇਹੱਦ ਜ਼ਰੂਰੀ ਹੈ। 26 ਨਵੰਬਰ 1949 ਨੂੰ ਅਪਣਾਇਆ ਗਿਆ ਸੰਵਿਧਾਨ ਲੋਕਾਂ ਨੂੰ ਵੋਟ ਪਾਉਣ, ਬੋਲਣ, ਜਥੇਬੰਦ ਹੋਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੇ ਅਧਿਕਾਰ ਦਿੰਦਾ ਹੈ। ਮੋਦੀ ਅਤੇ ਮੋਦੀ ਸਰਕਾਰ ਸੰਵਿਧਾਨਕ ਅਧਿਕਾਰ ਖੋਹਣ ਲੱਗੀ ਹੋਈ ਹੈ। ਇਸ ਲਈ ਇਸ ਦਿਨ ਨੂੰ ਸੰਵਿਧਾਨ ਬਚਾਓ ਦਿਵਸ ਵਜੋਂ ਮਨਾਇਆ ਜਾਵੇ।
ਉਨ੍ਹਾਂ 1-2 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਸੰਸਦ ਘਿਰਾਓ ਲਈ ਦਿੱਲੀ ਚੱਲੋ ਦਾ ਸੱਦਾ ਦਿੰਦਿਆਂ ਕਿਹਾ ਕਿ ਚਾਰ ਲੇਬਰ ਕੋਡ ਰੱਦ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖਾਹ, 42 ਹਜ਼ਾਰ ਰੁਪਏ ਘੱਟੋ-ਘੱਟ ਉਜਰਤ ਅਤੇ 21 ਹਜ਼ਾਰ ਰੁਪਏ ਪੈਨਸ਼ਨ ਸਮੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਸੰਸਦ ਘਿਰਾਓ ਵਿੱਚ ਸ਼ਾਮਲ ਹੋਣ ਅਤੇ 26 ਨਵੰਬਰ ਨੂੰ ਪੰਜਾਬ ਭਰ ਵਿੱਚ ਸੰਵਿਧਾਨ ਬਚਾਓ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ। ਅੱਜ ਦੀ ਕਨਵੈਂਸ਼ਨ ਵਿੱਚ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਰਣਜੀਤ ਕੌਰ, ਕਾਂਤਾ ਰਾਣੀ ,ਪ੍ਰਤਿਭਾ ਸ਼ਰਮਾ, ਪ੍ਰਕਾਸ਼ ਕੌਰ,ਅੰਮ੍ਰਿਤਪਾਲ ਕੌਰ ਚਾਹਲ ਅਤੇ ਗੁਰਮੇਲ ਕੌਰ ਕੋਟਕਪੂਰਾ ਵੀ ਸ਼ਾਮਿਲ ਹੋਏ।
- Download Babushahi App
-
-