ਆਈ.ਜੀ. ਫਰੀਦਕੋਟ ਰੇਂਜ ਅਤੇ ਐਸ.ਐਸ.ਪੀ. ਮੁਕਤਸਰ ਵੱਲੋਂ ਕੰਟਰੋਲ ਰੂਮ ਦੀ ਅਚਨਚੇਤ ਚੈਕਿੰਗ
ਸ਼ਹਿਰ ਅਤੇ ਵੱਖ-ਵੱਖ ਨਾਕਿਆਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 27 ਅਗਸਤ 2026 : ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸ੍ਰੀਮਤੀ ਨਿਲੰਬਰੀ ਜਗਦਲੇ, ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ ਅਤੇ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦਫ਼ਤਰ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਪੁਲਿਸ ਕੰਟਰੋਲ ਰੂਮ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐਸ., ਐਸ.ਪੀ. (ਡੀ.),ਅਤੇ ਸ੍ਰੀ ਮਹੇਸ ਸੈਣੀ ਐਸ ਪੀ ਪੀ.ਬੀ.ਆਈ ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਸਨ
ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਕੰਟਰੋਲ ਰੂਮ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ, ਰਿਕਾਰਡ ਅਤੇ ਰੋਜ਼ਾਨਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਲੋਕਾਂ ਵੱਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਸੂਚਨਾਵਾਂ ’ਤੇ ਪੁਲਿਸ ਵੱਲੋਂ ਕੀਤੀ ਜਾਂਦੀ ਕਾਰਵਾਈ, ਸ਼ਿਕਾਇਤ ਪ੍ਰਾਪਤ ਹੋਣ ਤੋਂ ਬਾਅਦ ਮੌਕੇ ’ਤੇ ਪੁਲਿਸ ਟੀਮ ਭੇਜਣ ਦੇ ਸਮੇਂ ਅਤੇ ਤੁਰੰਤ ਰਿਸਪਾਂਸ ਟਾਈਮ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।ਇਸ ਮੌਕੇ ਆਈ.ਜੀ. ਫਰੀਦਕੋਟ ਰੇਂਜ ਅਤੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰ ਅੰਦਰ ਅਤੇ ਵੱਖ-ਵੱਖ ਪੁਲਿਸ ਨਾਕਿਆਂ ’ਤੇ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਏ.ਐਨ.ਪੀ.ਆਰ. ਕੈਮਰਿਆਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਵੱਲੋਂ ਕੈਮਰਿਆਂ ਦੀ ਕਵਰੇਜ, ਕੁਆਲਿਟੀ, ਰਿਕਾਰਡਿੰਗ ਅਤੇ ਨਿਗਰਾਨੀ ਪ੍ਰਣਾਲੀ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ਹਿਰ ਅਤੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਆਧੁਨਿਕ ਨਿਗਰਾਨੀ ਕੈਮਰੇ ਲਗਾਏ ਗਏ ਹਨ। ਇਨ੍ਹਾਂ ਕੈਮਰਿਆਂ ਰਾਹੀਂ ਸ਼ਹਿਰ ਦੇ ਮਹੱਤਵਪੂਰਨ ਮੋੜਾਂ, ਪੁਲਿਸ ਨਾਕਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉੱਚ ਗੁਣਵੱਤਾ ਵਾਲੇ ਕੈਮਰਿਆਂ ਦੀ ਮਦਦ ਨਾਲ ਸ਼ੱਕੀ ਗਤੀਵਿਧੀਆਂ ਅਤੇ ਅਪਰਾਧਿਕ ਘਟਨਾਵਾਂ ਦੀ ਪਛਾਣ ਕਰਨ ਦੇ ਨਾਲ-ਨਾਲ ਅਪਰਾਧੀਆਂ ਤੱਕ ਪਹੁੰਚਣ ਵਿੱਚ ਵੀ ਸਹਾਇਤਾ ਮਿਲ ਰਹੀ ਹੈ।ਆਈ.ਜੀ. ਫਰੀਦਕੋਟ ਰੇਂਜ ਸ੍ਰੀਮਤੀ ਨਿਲੰਬਰੀ ਜਗਦਲੇ, ਆਈ.ਪੀ.ਐਸ. ਨੇ ਕਿਹਾ ਕਿ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਮੁਸਤੈਦ ਹੈ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਕੋਲ ਕਿਸੇ ਅਪਰਾਧ, ਸ਼ੱਕੀ ਵਿਅਕਤੀ ਜਾਂ ਸਮਾਜ ਵਿਰੋਧੀ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਇਸ ਸਬੰਧੀ ਪੁਲਿਸ ਹੈਲਪਲਾਈਨ ਨੰਬਰ 112 ਜਾਂ ਜ਼ਿਲ੍ਹਾ ਪੁਲਿਸ ਹੈਲਪਲਾਈਨ ਨੰਬਰ 8054942100 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
- Download Babushahi App
-
-