ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀ ਬਾਂਹ ਫੜੀ : ਰਮਨ ਬਹਿਲ
ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਸਿਹਤ ਬੀਮਾ ਦੀ ਸਹੂਲਤ ਮਿਲੇਗੀ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 08 ਜੁਲਾਈ
- ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਆਮ ਲੋਕਾਂ ਦੀ ਬਾਂਹ ਫੜਦਿਆਂ ਸੂਬੇ ਦੇ 65 ਲੱਖ ਪਰਿਵਾਰਾਂ ਲਈ `ਮੁੱਖ ਮੰਤਰੀ ਸਿਹਤ ਬੀਮਾ ਯੋਜਨਾ` ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ `ਮੁੱਖ ਮੰਤਰੀ ਸਿਹਤ ਬੀਮਾ ਯੋਜਨਾ` ਤਹਿਤ ਹਰੇਕ ਲਾਭਪਾਤਰੀ ਨੂੰ ਇਲਾਜ ਪ੍ਰਾਪਤ ਕਰਨ ਲਈ ਇੱਕ ਸਿਹਤ ਕਾਰਡ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਆਪਣੇ 2025-26 ਦੇ ਬਜਟ ਵਿੱਚ ਕੀਤਾ ਗਿਆ ਸੀ ਅਤੇ ਇਸਦੇ ਲਈ 778 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਸੀ। ਇਸ ਦੇ ਤਹਿਤ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ `ਮੁੱਖ ਮੰਤਰੀ ਸਿਹਤ ਬੀਮਾ ਯੋਜਨਾ` ਦਾ ਉਦੇਸ਼ ਰਾਜ ਦੇ ਕਿਸੇ ਵੀ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸਦੇ ਅਧੀਨ ਹਰ ਮੈਂਬਰ ਕਵਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਪੰਜਾਬ 10 ਲੱਖ ਰੁਪਏ ਦਾ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਰਾਜ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੁੜ-ਨਿਰਮਾਣ ਕੀਤੀ ਗਈ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਸਾਰੇ ਨਿਵਾਸੀਆਂ ਅਤੇ ਇੱਥੋਂ ਤੱਕ ਕਿ ਸੇਵਾਮੁਕਤ ਸਰਕਾਰੀ ਕਰਮਚਾਰੀਆਂ `ਤੇ ਵੀ ਲਾਗੂ ਹੋਵੇਗੀ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਹਸਪਤਾਲਾਂ ਵਿੱਚ ਵਿਸ਼ੇਸ਼ ਇਲਾਜ ਦੀ ਮੰਗ ਕਰਨ ਵਾਲੇ ਲੋਕ ਵੀ ਇਸ ਬੀਮੇ ਦੇ ਘੇਰੇ ਵਿੱਚ ਆਉਣਗੇ, ਬਸ਼ਰਤੇ ਉਹ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਉਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਹੁਣ `ਮੁੱਖ ਮੰਤਰੀ ਸਿਹਤ ਬੀਮਾ ਯੋਜਨਾ` ਅਧੀਨ ਕਵਰ ਵਿਅਕਤੀਆਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਕਸਰ ਹੀ ਬਿਮਾਰੀ ਦੀ ਸੂਰਤ ਵਿੱਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾਂ ਪੂੰਜੀ ਇਲਾਜ ਉੱਪਰ ਹੀ ਖ਼ਰਚ ਹੋ ਜਾਂਦੀ ਸੀ ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਣਗੇ।