ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਕਿਆ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 31 ਅਗਸਤ 2026: ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਲਈ ਇੱਕ ਵਾਰ ਫਿਰ ਤੋਂ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਨ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਸੰਯੁਕਤ ਸਕੱਤਰ ਨਾਲ ਮੀਟਿੰਗ ਕਰਵਾਈ ਗਈ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਇਸ ਮਹੀਨੇ ਦੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕੀਤੇ ਜਾਣਗੇ। ਪਰ ਮਹੀਨਾ ਬੀਤਣ 'ਤੇ ਵੀ ਕੋਈ ਮੀਟਿੰਗ ਨਹੀਂ ਹੋਈ ਇਸ ਲਈ ਮਜਬੂਰ ਹੋ ਕੇ ਯੂਨੀਅਨ ਨੇ ਸੰਘਰਸ਼ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 7 ਸਤੰਬਰ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਪਠਾਨਕੋਟ ਵਿਖੇ ਧਰਨਾ ਦਿੱਤਾ ਜਾਵੇਗਾ ਜਦੋਂ ਕਿ 8 ਸਤੰਬਰ - ਮੰਤਰੀ ਹਰਭਜਨ ਸਿੰਘ ETO ਦੇ ਘਰ ਅੱਗੇ,11 ਸਤੰਬਰ - ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਅਤੇ 12 ਸਤੰਬਰ - ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਦੇ ਬਾਵਜੂਦ ਵੀ ਜੇਕਰ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
- Download Babushahi App
-
-