ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ
- ਕਿਹਾ, ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ
-ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ
-ਪਰੇਡ ਦੇ ਨਿਰੀਖਣ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਲਈ ਸਲਾਮੀ
-ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ
ਹੁਸ਼ਿਆਰਪੁਰ, 15 ਅਗਸਤ :
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਮਾਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਕੈਬਨਿਟ ਮੰਤਰੀ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾਈਕਲ ਅਤੇ ਵੀਲ੍ਹ ਚੇਅਰਾਂ ਸੌਂਪੀਆਂ ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸੰਤਾਂ ਦੀ ਨਗਰੀ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੀ ਧਰਤੀ ’ਤੇ ਰਾਸ਼ਟਰੀ ਝਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਇਨ੍ਹਾਂ ਵਿਚ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫ਼ਤ ਬਿਜਲੀ, ਈਜੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫ਼ਾਈ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨੱਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਅਜਿਹੇ ਫੈਸਲੇ ਹਨ ਜਿਨ੍ਹਾਂ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਪੰਜਾਬ ਦੇ ਸਿੱਖਿਆ ਦੇ ਖੇਤਰ ‘ਚ ਪਹਿਲੇ ਨੰਬਰ ‘ਤੇ ਆਉਣ, ਬੇਰੁਜਗਾਰਾਂ ਨੂੰ 55 ਹਜ਼ਾਰ ਤੋਂ ਨੌਕਰੀਆਂ, ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਤਹਿਤ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿਚ 13 ਫੀਸਦੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦੇ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ 1 ਕਰੋੜ ਰੁਪਏ ਐਕਸਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸ਼ਹੀਦ ਹੋਏ ਸੈਨਿਕਾਂ ਦੇ 30 ਪਰਿਵਾਰਾਂ ਨੂੰ ਇਹ ਗਰਾਂਟ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੈਨਿਕ ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਇਥੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੰਪਿਊਟਰ ਕੋਰਸਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਉਸਾਰੇ ਗਏ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਥਾਣਾ ਅਤੇ ਚੌਹਾਲ ਡੈਮ ਵਿਖੇ ਵਿਕਸਤ ਕੀਤੇ ਗਏ ਈਕੋ ਟੂਰਿਜ਼ਮ ਪ੍ਰੋਜੈਕਟ ਤੋਂ ਇਲਾਵਾ ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬੋਰਟਰੀ ਅਤੇ ਡਿਜੀਟਲ ਲਾਇਬ੍ਰੇਰੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਡਾਇਰੈਕਟਰ ਟੂਰਿਜ਼ਮ ਡਾ. ਸੰਜੀਵ ਕੁਮਾਰ ਤਿਵਾੜੀ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਚੇਚੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ, ਜ਼ਿਲ੍ਹਾ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਹੁੰਦਲ, ਮਹਿਲਾ ਵਿੰਗ ਪ੍ਰਧਾਨ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ, ਐਸ.ਪੀ. ਨਵਨੀਤ ਕੌਰ ਗਿੱਲ, ਐਸ.ਪੀ. ਡਾ. ਮੁਕੇਸ਼, ਜਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ, ਜਨਰਲ ਸਕੱਤਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।