ਇਨਕਲਾਬੀ ਕੇਂਦਰ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ
ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 29ਵੇਂ ਬਰਸੀ ਮੌਕੇ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪਹੁੰਚਣ ਦੀ ਅਪੀਲ
ਅਸ਼ੋਕ ਵਰਮਾ
ਬਰਨਾਲਾ, 15 ਜੁਲਾਈ 2026 :ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਵਿੱਚ ਡਾ ਰਜਿੰਦਰ ਪਾਲ ਦੀ ਅਗਵਾਈ ਵਿੱਚ ਇਨਕਲਾਬੀ ਕੇਂਦਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਕਾਫ਼ਲਾ ਸ਼ਾਮਿਲ ਹੋਇਆ। ਮਿਉਂਸਪਲ ਕਾਮਿਆਂ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਦੇ ਆਗੂਆਂ ਡਾ ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ, ਅਮਰਜੀਤ ਕੌਰ ਅਤੇ ਮਿਲਖਾ ਸਿੰਘ ਨੇ ਕਿਹਾ ਕਿ ਮਿਉਂਸਪਲ ਕਾਮਿਆਂ ਦੀ 8 ਜੁਲਾਈ ਤੋਂ ਮੁੜ ਸ਼ੁਰੂ ਹੋਈ ਹੜਤਾਲ ਕਾਰਨ ਕੂੜਾ ਇਕੱਠਾ ਕਰਨਾ, ਸਟਰੀਟ ਲਾਈਟਾਂ ਦੀ ਮੁਰੰਮਤ, ਪਾਣੀ ਸਪਲਾਈ ਅਤੇ ਸਫ਼ਾਈ ਨਾਲ ਸਬੰਧਤ ਸੇਵਾਵਾਂ ਸਮੇਤ ਹੋਰ ਰੁਟੀਨ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਆਗੂਆਂ ਕਿਹਾ ਕਿ ਮਿਉਂਸਪਲ ਸਫ਼ਾਈ ਕਾਮੇ ਗੰਦ ਢੋਣ ਜਿਹਾ ਕੰਮ, ਆਪਣੀ ਜ਼ਿੰਦਗੀ ਨੂੰ ਜੋਖ਼ਮ ਵਿੱਚ ਪਾਕੇ ਸਭ ਤੋਂ ਖ਼ਤਰਨਾਕ ਹਾਲਤਾਂ ਵਿੱਚ ਕੰਮ ਕਰਦੇ ਹਨ। ਸੀਵਰੇਜ ਦੀ ਸਫ਼ਾਈ ਦਾ ਕੰਮ ਇਨ੍ਹਾਂ ਕਾਮਿਆਂ ਲਈ ਮੌਤ ਨੂੰ ਸੱਦਾ ਦੇਣ ਸਮਾਨ ਹੀ ਹੁੰਦਾ ਹੈ।
ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਇਨ੍ਹਾਂ ਸਫ਼ਾਈ ਕਾਮਿਆਂ ਪ੍ਰਤੀ ਸਪੱਸ਼ਟ ਹਦਾਇਤਾਂ ਹਨ ਕਿ ਇਨ੍ਹਾਂ ਨੂੰ ਠੇਕੇਦਾਰੀ ਪ੍ਰਥਾ ਅਧੀਨ ਨਹੀਂ ਰੱਖਿਆ ਜਾ ਸਕਦਾ। ਇਸ ਦੇ ਬਾਵਜੂਦ ਪਰ 15 ਲੱਖ ਦੀ ਗਿਣਤੀ ਵਿੱਚ ਸਫ਼ਾਈ ਕਾਮੇ ਨਿਗੂਣੀਆਂ ਤਨਖ਼ਾਹਾਂ ਤੇ ਆਊਟਸੋਰਸ ਪ੍ਰਥਾ ਅਧੀਨ ਕੰਮ ਕਰਨ ਲਈ ਮਜ਼ਬੂਰ ਹਨ। ਇਨ੍ਹਾਂ ਮਿਉਂਸਪਲ ਕਾਮਿਆਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਨਾਲ ਬਰਨਾਲਾ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਚਰਮਰਾਈ ਹੋਈ ਹੈ। ਥਾਂ ਥਾਂ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਗੰਭੀਰ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮਿਉਂਸਪਲ ਕਾਮਿਆਂ ਦਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਅਤੇ ਨਵੀਂ ਪੈਨਸ਼ਨ ਸਕੀਮ ਰੱਦ ਕਰਵਾਉਣ ਦਾ ਸੰਘਰਸ਼ 1990-91 ਤੋਂ ਲਾਗੂ ਕੀਤੀ ਨਿੱਜੀਕਰਨ, ਉਦਾਰੀਕਰਨ ਤੇ ਵਿਸ਼ਵੀਕਰਨ ਦੀ ਨੀਤੀ ਨਾਲ ਜੁੜਿਆ ਹੋਇਆ ਸੀ।
ਉਹਨਾਂ ਕਿਹਾ ਕਿ ਹੋਰਨਾਂ ਸਰਕਾਰੀ ਅਦਾਰਿਆਂ ਵਾਂਗ ਮਿਉਂਸਪਲ ਕਾਰਪੋਰੇਸ਼ਨਾਂ/ਮਿਉਂਸਪਲ ਕੌਂਸਲਾਂ ਦਾ ਵੀ ਨਿੱਜੀ ਕਰਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਮਿਉਂਸਪਲ ਕਾਮਿਆਂ ਦੇ ਹੱਕੀ ਸੰਘਰਸ਼ ਪ੍ਰਤੀ 15 ਦਿਨ ਬੇਸ਼ਰਮੀ ਭਰੀ ਚੁੱਪ ਧਾਰੀ ਨੂੰ ਸਿਰੜੀ ਸੰਘਰਸ਼ ਨੇ ਤੋੜਨ ਲਈ ਮਜ਼ਬੂਰ ਕੀਤਾ ਸੀ। ਪਰ ਪੰਜਾਬ ਸਰਕਾਰ ਨੇ ਆਪਣੇ ਖ਼ਾਸੇ ਅਨੁਸਾਰ ਮਿਉਂਸਪਲ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਤੋਂ ਮੁੱਕਰ ਗਈ ਹੈ। ਹੁਣ 8 ਜੁਲਾਈ ਤੋਂ ਇੱਕ ਵਾਰ ਫਿਰ ਅਣਮਿਥੇ ਸਮੇਂ ਲਈ ਹੜਤਾਲ ਤੇ ਜਾਣ ਲਈ ਮਜ਼ਬੂਰ ਹਨ। ਆਗੂਆਂ ਨੇ ਭਰਾਤਰੀ ਹਮਾਇਤ ਦਿੰਦਿਆਂ ਆਗੂਆਂ ਨੇ ਮਿਉਂਸਪਲ ਕਾਮਿਆਂ ਦੇ ਸੰਘਰਸ਼ ਦੇ ਜ਼ੋਰ ਹੀ ਸਰਕਾਰਾਂ ਨੂੰ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾ ਸਕਦਾ ਹੈ। ਮਿਉਂਸਪਲ ਕਾਮਿਆਂ ਦੇ ਆਗੂ ਗੁਲਸ਼ਨ ਕੁਮਾਰ ਅਤੇ ਮੰਗਤ ਰਾਮ ਨੇ ਭਰਾਤਰੀ ਹਮਾਇਤ ਦੇਣ ਲਈ ਧੰਨਵਾਦ ਕੀਤਾ। ਮੁਨੀਸ਼ ਕੁਮਾਰ, ਹਰਪਾਲ ਸੁਖਪੁਰਾ, ਸੁਸ਼ੀਲ ਕੁਮਾਰ, ਬਲਦੇਵ ਸੱਦੋਵਾਲ ਆਦਿ ਆਗੂ ਵੀ ਸਫ਼ਾਈ ਸੇਵਕਾਂ ਦੇ ਧਰਨੇ 'ਚ ਸ਼ਾਮਿਲ ਹੋਏ।
- Download Babushahi App
-
-