ਇੱਕ ਵਾਰ ਫੇਰ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਨਾਕਾਮ
ਸੰਗਤ ਅਤੇ ਸੇਵਾਦਾਰਾਂ ਵੱਲੋਂ ਵਿਅਕਤੀ ਕਾਬੂ
ਕੁਲਵਿੰਦਰ ਸਿੰਘ
ਅੰਮ੍ਰਿਤਸਰ 12 ਜੂਨ 2026 :
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਪਰਸੋਂ ਦੇਰ ਰਾਤ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਮੌਜੂਦ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਬਾਅਦ SGPC ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ। ਇਸੇ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮੱਥਾ ਟੇਕਣ ਅਤੇ ਪਰਿਕਰਮਾ ਕਰਨ ਤੋਂ ਬਾਅਦ ਉਥੇ ਸਜਾਏ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਵੱਲ ਵਧਿਆ ਅਤੇ ਉਨ੍ਹਾਂ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਉਥੇ ਡਿਊਟੀ 'ਤੇ ਤਾਇਨਾਤ ਸੇਵਾਦਾਰਾਂ ਨੇ ਤੁਰੰਤ ਚੌਕਸੀ ਦਿਖਾਉਂਦਿਆਂ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਫੌਰੀ ਤੌਰ 'ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ।
ਮੇਜਰ ਸਿੰਘ ਨੇ ਦੱਸਿਆ ਕਿ SGPC ਨੇ ਪ੍ਰਸ਼ਾਸਨ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਹ ਪਤਾ ਲਗਾਉਣ ਦੀ ਬੇਨਤੀ ਕੀਤੀ ਹੈ ਕਿ ਉਕਤ ਵਿਅਕਤੀ ਕਿੱਥੋਂ ਆਇਆ, ਉਸਦਾ ਪਿਛੋਕੜ ਕੀ ਹੈ ਅਤੇ ਕੀ ਇਸ ਦੇ ਪਿੱਛੇ ਕੋਈ ਸਾਜ਼ਿਸ਼ ਜਾਂ ਹੋਰ ਵਿਅਕਤੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਵਿਅਕਤੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਪਰ ਇਸ ਬਾਰੇ ਅੰਤਿਮ ਜਾਣਕਾਰੀ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਚਿੰਤਾਜਨਕ ਹਨ ਕਿਉਂਕਿ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। SGPC ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਅਤੇ ਸੇਵਾਦਾਰਾਂ ਦੀ ਤਾਇਨਾਤੀ ਨੂੰ ਵੀ ਹੋਰ ਮਜ਼ਬੂਤ ਬਣਾਇਆ ਗਿਆ ਹੈ। ਮੇਜਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਗੁਰੂ ਘਰਾਂ ਦੀ ਪਵਿੱਤਰਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
- Download Babushahi App
-
-