ਉਗਰਾਹਾਂ ਯੂਨੀਅਨ ਵੱਲੋਂ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ’ਤੇ ਐਕਸੀਅਨ ਦਫ਼ਤਰ ਅੱਗੇ ਧਰਨਾ
ਮਲਕੀਤ ਸਿੰਘ ਮਲਕਪੁਰ
ਲਾਲੜੂ 26 ਅਗਸਤ 2026: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਵੱਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੋਟਰਾਂ ਲਈ ਬਿਜਲੀ ਸਪਲਾਈ ਨਾ ਆਉਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਲਾਲੜੂ ਮੰਡੀ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬਿਜਲੀ ਬੋਰਡ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ, ਪਰ ਐਕਸੀਅਨ ਵੱਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ ਵਧ ਗਿਆ। ਕਿਸਾਨਾਂ ਨੇ ਸੜਕ ਜਾਮ ਕਰਨ ਲਈ ਕੂਚ ਕੀਤਾ ਤਾਂ ਪੁਲਿਸ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਕਿਸਾਨ ਆਗੂਆਂ ਅਤੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਵਿਚਕਾਰ ਮੁੜ ਗੱਲਬਾਤ ਕਰਵਾਈ। ਇਸ ਮਗਰੋਂ ਐਕਸੀਅਨ ਲਾਲੜੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅੱਗੇ ਤੋਂ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਚਲਾਈ ਜਾਵੇਗੀ ਅਤੇ ਕਿਸਾਨਾਂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਭਰੋਸੇ ਉਪਰੰਤ ਜਥੇਬੰਦੀ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਕਰਨੈਲ ਸਿੰਘ, ਜਸਵੰਤ ਸਿੰਘ ਕੁਰਲੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਰੁੜਕੀ, ਲਖਵਿੰਦਰ ਸਿੰਘ ਲੱਖੀ ਸਾਧਾਂਪੁਰ ਤੇ ਅਮਨਪ੍ਰੀਤ ਸਿੰਘ ਹੰਡੇਸਰਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।
- Download Babushahi App
-
-