ਔਰਤਾਂ ਨੂੰ ਰਾਜਨੀਤੀ 'ਚ ਮਿਲੇ ਬਰਾਬਰ ਹੱਕ, 33% ਨਹੀਂ 50% ਹੋਵੇ ਰਾਖਵਾਂਕਰਨ- ਬੀਬੀ ਜਗੀਰ ਕੌਰ ਨੇ ਚੁੱਕੀ ਮੰਗ; ਪੀਐਮ ਮੋਦੀ ਨੂੰ ਲਿਖਣਗੇ ਚਿੱਠੀ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵੱਡਾ ਐਲਾਨ: ਔਰਤਾਂ ਨੂੰ ਰਾਜਨੀਤੀ 'ਚ ਮਿਲੇ ਬਰਾਬਰ ਹੱਕ, 33% ਨਹੀਂ 50% ਹੋਵੇ ਰਾਖਵਾਂਕਰਨ
Babushahi Network
ਚੰਡੀਗੜ੍ਹ, 5 ਮਈ 2026- ਸ਼੍ਰੋਮਣੀ ਅਕਾਲੀ ਦਲ ਦੇ ਪੁਨਰ ਸੁਰਜੀਤ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੇਸ਼ ਦੀ ਸਿਆਸਤ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਲੈ ਕੇ ਇੱਕ ਵੱਡੀ ਮੰਗ ਰੱਖੀ ਹੈ। ਇਸਤਰੀ ਵਿੰਗ ਵੱਲੋਂ ਮਹਿਲਾ ਰਾਖਵਾਂਕਰਨ ਨੂੰ ਲੈ ਕੇ ਉਠਾਈ ਗਈ ਇਸ ਆਵਾਜ਼ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਔਰਤਾਂ ਨੂੰ ਦੇਸ਼ ਦੀਆਂ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਵਿੱਚ 50 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਹ ਇਸ ਸਬੰਧੀ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇੱਕ ਰਸਮੀ ਚਿੱਠੀ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਕਈ ਦਹਾਕਿਆਂ ਦੇ ਇੰਤਜ਼ਾਰ ਤੋਂ ਬਾਅਦ ਪਾਰਲੀਮੈਂਟ ਵਿੱਚ 33 ਫੀਸਦੀ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਗਿਆ ਸੀ, ਜੋ ਕਿ ਇੱਕ ਚੰਗਾ ਕਦਮ ਸੀ। ਪਰ ਸਵਾਲ ਇਹ ਉੱਠਦਾ ਹੈ ਕਿ ਜੇਕਰ ਔਰਤਾਂ ਦੀ ਆਬਾਦੀ ਬਰਾਬਰ ਹੈ, ਤਾਂ ਉਨ੍ਹਾਂ ਨੂੰ 50 ਫੀਸਦੀ ਰਾਖਵਾਂਕਰਨ ਕਿਉਂ ਨਹੀਂ ਦਿੱਤਾ ਜਾ ਰਿਹਾ?
ਬੀਬੀ ਜਗੀਰ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਬੇਨਤੀ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਹੀ ਮਹਿਲਾਵਾਂ ਲਈ ਰਾਖਵਾਂਕਰਨ ਜ਼ਰੂਰੀ ਤੌਰ 'ਤੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਫੈਡਰਲ ਢਾਂਚੇ ਅਤੇ ਹਰ ਵਰਗ ਦੇ ਅਧਿਕਾਰਾਂ ਦੀ ਗੱਲ ਕਰਦਾ ਆਇਆ ਹੈ। ਔਰਤਾਂ ਨੂੰ ਰਾਜਨੀਤੀ ਦੇ ਫੈਸਲੇ ਲੈਣ ਵਾਲੀ ਪ੍ਰਕਿਰਿਆ ਵਿੱਚ ਬਰਾਬਰ ਦਾ ਹਿੱਸੇਦਾਰ ਬਣਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਇਸ ਬੇਨਤੀ 'ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਤਾਂ ਜੋ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ ਅਤੇ ਉਹ ਦੇਸ਼ ਦੇ ਵਿਕਾਸ ਵਿੱਚ ਹੋਰ ਵੀ ਵੱਧ-ਚੜ੍ਹ ਕੇ ਯੋਗਦਾਨ ਪਾ ਸਕਣ।
- Download Babushahi App
-
-