ਕਟਾਰੂਚੱਕ ਅਤੇ ਸ਼ੈਰੀ ਕਲਸੀ ਨੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਵੰਡਾਇਆ ਦੁੱਖ
ਕਿਹਾ-ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ
ਰੋਹਿਤ ਗੁਪਤਾ
ਬਟਾਲਾ, 31 ਮਈ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ ਵਿਖੇ ਜਾ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਮੌਕੇ ਚੇਅਰਮੈਨ ਜੋਬਨ ਰੰਧਾਵਾ ਵੀ ਮੌਜੂਦ ਸਨ।
ਪਰਿਵਾਰ ਨਾਲ ਦੁੱਖ ਵੰਡਾਉਣ ਉਪਰੰਤ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।
ਉਨ੍ਹਾਂ ਕਿਹਾ ਕਿ ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦਾ ਇਹ ਮਹਾਨ ਬਲੀਦਾਨ ਸਦਾ ਗੌਰਵ ਅਤੇ ਸਨਮਾਨ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।
- Download Babushahi App
-
-