ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਤੇਜੀ ਨਾਲ ਜਾਰੀ: DC ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 6 ਮਈ 2025: ਬਠਿੰਡਾ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਸੀਜਨ ਮੁਕੰਮਲ ਹੋਣ ਦੇ ਕਿਨਾਰੇ ਹੈ। ਪਹਿਲਾਂ ਕਣਕ ਦੀ ਖਰੀਦ ਨੂੰ ਤੇਜ ਗਤੀ ਨਾਲ ਚਾਲੂ ਰੱਖਿਆ ਗਿਆ ਅਤੇ ਹੁਣ ਲਿਫਟਿੰਗ ਪੂਰੀ ਤੇਜੀ ਨਾਲ ਜਾਰੀ ਰੱਖਣ ਲਈ ਪੁਰਜੋਰ ਕੋਸ਼ਿਸ਼ਾਂ ਜਾਰੀ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 5 ਮਈ 2025 ਤੱਕ 573650 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਜਿਹੜੀ ਕਿ 70 ਫੀਸਦੀ ਬਣਦੀ ਹੈ ਆਉਣ ਵਾਲੇ ਦਿਨਾਂ ਵਿੱਚ ਇਸਨੂੰ ਹੋਰ ਤੇਜ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ 5 ਮਈ ਤੱਕ ਆਈ 865872 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 854683 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ 97.39 ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1858.62 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 5 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 262707 ਮੀਟ੍ਰਿਕ ਟਨ, ਮਾਰਕਫ਼ੈਡ 183616, ਪਨਸਪ 196239, ਵੇਅਰ ਹਾਊਸ 147544 ਤੇ ਪ੍ਰਾਈਵੇਟ ਵਪਾਰੀਆਂ ਵਲੋਂ 64577 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।