ਕਾਂਗਰਸ ਦੀ ਸ਼ਾਨਦਾਰ ਜਿੱਤ — 2027 ਲਈ ਲੋਕਾਂ ਦਾ ਭਰੋਸਾ ਸਪਸ਼ਟ : ਰਾਣਾ ਗੁਰਜੀਤ ਸਿੰਘ
ਕਪੂਰਥਲਾ 18 ਦਸੰਬਰ — ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ, ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ’ਤੇ ਸਾਰੇ ਜਿੱਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਨਤੀਜੇ ਸਾਫ਼ ਤੌਰ ’ਤੇ ਦਰਸਾਉਂਦੇ ਹਨ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀਆਂ ਨੀਤੀਆਂ, ਨੇਤ੍ਰਤਵ ਅਤੇ ਲੋਕ-ਹਿਤੈਸ਼ੀ ਕਾਰਗੁਜ਼ਾਰੀ ’ਤੇ ਪੂਰਾ ਭਰੋਸਾ ਜਤਾਂ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਕੇਵਲ ਸਥਾਨਕ ਸਰਕਾਰਾਂ ਤੱਕ ਸੀਮਤ ਨਹੀਂ, ਸਗੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਕ ਵਿੱਚ ਬਣ ਰਹੀ ਮਜ਼ਬੂਤ ਲਹਿਰ ਦਾ ਪ੍ਰਤੱਖ ਸਬੂਤ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੜ ਤੋਂ ਕਾਂਗਰਸ ਪਾਰਟੀ ਨੂੰ ਸੂਬੇ ਦੀ ਬਾਗਡੋਰ ਸੌਂਪਣ ਲਈ ਮਨ ਬਣਾਉਂਦੇ ਨਜ਼ਰ ਆ ਰਹੇ ਹਨ ਅਤੇ ਇਹ ਚੋਣੀ ਨਤੀਜੇ ਉਸ ਭਰੋਸੇ ਦੀ ਮੋਹਰ ਹਨ। ਰਾਣਾ ਗੁਰਜੀਤ ਸਿੰਘ ਨੇ ਜਿੱਤੂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਦਿਆਂ ਇਮਾਨਦਾਰੀ, ਸਮਰਪਣ ਅਤੇ ਸੇਵਾ-ਭਾਵ ਨਾਲ ਆਪਣੇ ਫਰਜ਼ ਨਿਭਾਉਣ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸੁਹਾਵਣੇ ਭਵਿੱਖ ਲਈ ਸੰਘਰਸ਼ ਕਰਦੀ ਰਹੇਗੀ।