ਕਾਲੀ ਵੇਈ ਕਾਰ ਸੇਵਾ ਦੇ 26 ਸਾਲ ਪੂਰੇ ਹੋਣ ਦੇ ਸਮਾਗਮ 'ਚ ਪੁੱਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੰਤ ਸੀਚੇਵਾਲ ਦੇ ਯਤਨਾਂ ਦੀ ਕੀਤੀ ਭਰਪੂਰ ਸ਼ਲਾਘਾ
"ਦੇਸ਼ ਦੇ ਬਚਾਅ ਲਈ ਮੋਦੀ ਹੁਣ 'ਝੋਲਾ ਚੁੱਕ ਕੇ ਚਲੇ ਜਾਣ', ਕਾਂਗਰਸ ਨੂੰ ਦੱਸਿਆ 'ਕਾਟੋ ਕਲੇਸ਼ ਪਾਰਟੀ', ਈ-20 ਪੈਟਰੋਲ ਨੂੰ ਲੋਕਾਂ ਨੂੰ ਲੁੱਟਣ ਦਾ ਨਵਾਂ ਢਕੁੰਜ ਕਰਾਰ"
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 16 July 2026 : ਪਵਿੱਤਰ ਕਾਲੀ ਵੇਈ ਨਦੀ ਦੀ ਕਾਰ ਸੇਵਾ ਦੇ 26 ਸਾਲ ਪੂਰੇ ਹੋਣ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਪਵਿੱਤਰ ਕਾਲੀ ਵੇਈ ਦੇ ਪੁਨਰ ਸੁਰਜੀਤੀਕਰਨ ਲਈ ਰਾਜ ਸਭਾ ਮੈਂਬਰ, ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿਛਲੇ 26 ਸਾਲਾਂ ਤੋਂ ਕੀਤੀ ਜਾ ਰਹੀ ਨਿਰੰਤਰ ਕਾਰ ਸੇਵਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਇਸ ਨੂੰ ਦੁਨੀਆ ਲਈ ਪ੍ਰੇਰਣਾਦਾਇਕ ਮਿਸਾਲ ਕਰਾਰ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸੰਤ ਸੀਚੇਵਾਲ ਦੀ ਅਗਵਾਈ ਹੇਠ ਪਵਿੱਤਰ ਕਾਲੀ ਵੇਈ ਦੀ ਬਦਲੀ ਹੋਈ ਨੁਹਾਰ ਇਸ ਗੱਲ ਦਾ ਪ੍ਰਮਾਣ ਹੈ ਕਿ ਜੇਕਰ ਦ੍ਰਿੜ੍ਹ ਇਰਾਦੇ ਅਤੇ ਲੋਕਾਂ ਦੇ ਸਹਿਯੋਗ ਨਾਲ ਸੇਵਾ ਕੀਤੀ ਜਾਵੇ ਤਾਂ ਅਸੰਭਵ ਜਾਪਦੇ ਕੰਮ ਵੀ ਸੰਭਵ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਾਲੀ ਵੇਈ ਤੋਂ ਬਾਅਦ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੀ ਸੰਤ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਹ ਵਾਤਾਵਰਣ ਸੰਭਾਲ ਵੱਲ ਇੱਕ ਇਤਿਹਾਸਕ ਕਦਮ ਹੈ।
ਆਪਣੇ ਸੰਬੋਧਨ ਦੌਰਾਨ ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ 'ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੁਣ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮਹਿੰਗਾਈ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਕੇਂਦਰ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ।
ਸਪੀਕਰ ਨੇ ਕਾਂਗਰਸ ਪਾਰਟੀ 'ਤੇ ਵੀ ਨਿਸ਼ਾਨਾ ਸਾਧਦਿਆਂ ਇਸ ਨੂੰ "ਕਾਟੋ ਕਲੇਸ਼ ਪਾਰਟੀ" ਕਰਾਰ ਦਿੱਤਾ ਅਤੇ ਕਿਹਾ ਕਿ ਪਾਰਟੀ ਅੰਦਰੂਨੀ ਖਿੱਚੋਤਾਣ ਕਾਰਨ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ।
ਈ-20 (ਐਥਨੌਲ ਮਿਸ਼ਰਤ) ਪੈਟਰੋਲ ਦੇ ਮੁੱਦੇ 'ਤੇ ਬੋਲਦਿਆਂ ਸੰਧਵਾਂ ਨੇ ਦੋਸ਼ ਲਗਾਇਆ ਕਿ ਇਹ ਕੇਂਦਰ ਸਰਕਾਰ ਵੱਲੋਂ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾਉਣ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵਾਧੂ ਖਰਚਾ ਝੱਲਣਾ ਪੈ ਰਿਹਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਆਪਣਾ ਫੈਸਲਾ ਮੁੜ ਵਿਚਾਰਨਾ ਚਾਹੀਦਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
- Download Babushahi App
-
-