ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ: ਡਾ. ਅਮਰੀਕ ਸਿੰਘ
- ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 17 ਜੁਲਾਈ 2025 - ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ ਸੰਧੂ, ਭਵਜਿਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਜੋਬਨਜੀਤ ਸਿੰਘ ਸਮੇਤ ਸਮੂਹ ਖੇਤੀਬਾੜੀ ਅਧਿਕਾਰੀ ਮੌਜੂਦ ਸਨ।
ਮੀਟਿੰਗ ਵਿੱਚ ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵੱਖ-ਵੱਖ ਸਕੀਮਾਂ ਜਿਵੇਂ ਮੱਕੀ ਪਾਇਲਟ ਪ੍ਰੋਜੈਕਟ, ਝੋਨੇ ਦੀ ਸਿੱਧੀ ਬਿਜਾਈ, ਖਾਦਾਂ ਕੀਟਨਾਸ਼ਕ ਅਤੇ ਬੀਜਾਂ ਦੀ ਚੈਕਿੰਗ ਅਤੇ ਸੈਂਪਲਿੰਗ, ਪੀ.ਐੱਮ. ਕਿਸਾਨ ਸਕੀਮ, ਸੀ.ਆਰ.ਐੱਮ ਸਕੀਮ ਤਹਿਤ ਮਸ਼ੀਨਾਂ ਦੀ ਖ਼ਰੀਦ ਸਬੰਧੀ ਹੋਈ ਪ੍ਰਗਤੀ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਮਾਣਯੋਗ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਆਦੇਸ਼ਾਂ ਦੀ ਪਾਲਣਾ ਕਰਦਿਆਂ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਕਿਤੇ ਵੀ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਪ੍ਰੇਰਨਾ ਸਦਕਾ ਕਿਸਾਨਾਂ ਵੱਲੋਂ ਮੱਕੀ ਹੇਠ ਰਕਬਾ ਵਧਾਉਣ ਲਈ ਕਾਫ਼ੀ ਰੁਚੀ ਦਿਖਾਈ ਗਈ ਹੈ ਅਤੇ ਹੁਣ ਤੱਕ ਤਕਰੀਬਨ ਜ਼ਿਲ੍ਹਾ ਗੁਰਦਾਸਪੁਰ ਵਿਚ 1000 ਹੈੱਕ ਤੋਂ ਵੱਧ ਰਕਬੇ ਵਿੱਚ ਮੱਕੀ ਦੀ ਕਾਸ਼ਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੀ ਸਫਲ ਕਾਸ਼ਤ ਲਈ ਜਿੱਥੇ ਸਮੇਂ ਸਿਰ ਬਿਜਾਈ ਕਰਨੀ ਜ਼ਰੂਰੀ ਹੈ ਉੱਥੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਫ਼ਸਲ ਨੂੰ ਬਚਾਉਣ ਲਈ ਮੱਕੀ ਕਾਸ਼ਤਕਾਰਾਂ ਦੀ ਤਕਨੀਕੀ ਅਗਵਾਈ ਕਰਨੀ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਿਕ ਮੱਕੀ ਦੀ ਫ਼ਸਲ ਵਿਚ ਫ਼ਾਲ ਆਰਮੀ ਵਰਮ ਦਾ ਹਮਲਾ ਹੋ ਚੁੱਕਾ ਹੈ ਅਤੇ ਰੋਕਥਾਮ ਲਈ ਸਮਾਂ ਵੀ ਬਹੁਤ ਢੁਕਵਾਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਝੋਨੇ ਦੀ ਫ਼ਸਲ ਉੱਪਰ ਮਧਰੇਪਣ ਰੋਗ ਦਾ ਹਮਲਾ ਹੋਇਆ ਹੈ ਜਿਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਝੋਨੇ ਦੇ ਖੇਤਾਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਗਲੇ ਦਿਨਾਂ ਦੌਰਾਨ ਜਿੰਨੀ ਵੀ ਮੱਕੀ ਦੀ ਬਿਜਾਈ ਹੋਈ ਹੈ ਉਸ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ ਅਤੇ ਜਿੱਥੇ ਜ਼ਰੂਰਤ ਹੋਵੇ, ਓਥੇ ਸਿਫ਼ਾਰਸ਼ਾਂ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾ ਕਰਵਾ ਦਿੱਤਾ ਜਾਵੇ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਕੋਲ ਝੋਨੇ ਦੀ ਪਰਾਲੀ ਸੰਭਾਲਣ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਮੈਪਿੰਗ ਕਰਨ ਦਾ ਕੰਮ ਪਹਿਲ ਦੇ ਅਧਾਰ ਤੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਲੈਣ ਚੈਕਿੰਗ ਅਤੇ ਸੈਪਲਿੰਗ ਕੀਤੀ ਜਾਵੇ ਅਤੇ ਮਿਥੇ ਟੀਚੇ ਨਿਰਧਾਰਿਤ ਸਮੇਂ ਵਿੱਚ ਪੂਰੇ ਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ 2018 ਤੋਂ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੀ ਖੇਤੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਇਕ ਹਫ਼ਤੇ ਦੇ ਵਿਚ ਵਿਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀ ਐਮ ਕਿਸਾਨ ਸਕੀਮ ਅਧੀਨ ਲਾਭਪਾਤਰੀਆਂ ਦੀ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਮੁਕੰਮਲ ਕੀਤੀ ਜਾਵੇ ਤਾਂ ਜੋ 20 ਵੀਂ ਕਿਸ਼ਤ ਯੋਗ ਲਾਭਪਾਤਰੀਆਂ ਦੇ ਖਾਤੇ ਵਿੱਚ ਆ ਸਕੇ। ਉਨ੍ਹਾਂ ਮਿੱਟੀ ਦੇ ਸੈਂਪਲ ਇਕੱਤਰ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਇਕੱਤਰ ਕੀਤੇ ਗਏ ਮਿੱਟੀ ਦੇ ਨਮੂਨੇ ਸਬੰਧਿਤ ਪ੍ਰਯੋਗਸ਼ਾਲਾ ਵਿਚ ਤੁਰੰਤ ਭੇਜੇ ਜਾਣ।