ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ: ਰੱਖੜ ਪੁੰਨਿਆ 'ਤੇ ਬੋਲੇ ਸ਼ਿਵਰਾਜ ਚੌਹਾਨ
ਬਾਬਾ ਬਕਾਲਾ ਸਾਹਿਬ, 28 ਅਗਸਤ 2026: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬਾਬਾ ਬਕਾਲਾ ਸਾਹਿਬ ਵਿਖੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹੋਣ ਵਾਲਾ ਹਰ ਸਮਝੌਤਾ ਉਨ੍ਹਾਂ ਦੇ ਹਿੱਤ ਵਿੱਚ ਹੀ ਹੋਵੇਗਾ।
ਚੌਹਾਨ ਨੇ ਕਿਹਾ ਕਿ ਦੇਸ਼ ਦੇ 23 ਸੂਬਿਆਂ ਵਿੱਚ ਫਸਲ ਬੀਮਾ ਯੋਜਨਾ ਲਾਗੂ ਹੈ, ਪਰ ਪੰਜਾਬ ਵਿੱਚ ਇਹ ਯੋਜਨਾ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਫਸਲ ਬੀਮਾ ਸਮੇਤ ਕੇਂਦਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ।
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੂਚੀ ਮੰਗੀ ਸੀ, ਪਰ ਤਿੰਨ ਮਹੀਨੇ ਤੱਕ ਉਨ੍ਹਾਂ ਨੂੰ ਇਹ ਸੂਚੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ।
ਚੌਹਾਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਨਿੱਤ ਗੈਂਗਵਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਕਿਸਾਨਾਂ ਤੇ ਆਮ ਲੋਕਾਂ ਦੇ ਹਿੱਤਾਂ ਲਈ ਕੋਈ ਠੋਸ ਕੰਮ ਨਹੀਂ ਕੀਤਾ।
- Download Babushahi App
-
-