ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਸਵਾਗਤਯੋਗ: ਸੁਰਿੰਦਰ ਸਿੰਘ ਧਤੌਂਦਾ
ਗੁਰਪ੍ਰੀਤ ਸਿੰਘ ਜਖਵਾਲੀ
ਫਤਿਹਗੜ੍ਹ ਸਾਹਿਬ 19 ਅਗਸਤ 2026:- ਖਨੌਰੀ ਬੈਰੀਅਰ ਨੇੜੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਲਾਇਆ ਗਿਆ ਰੋਸ ਧਰਨਾ ਹਰਿਆਣਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਕੈਬਨਿਟ ਮੰਤਰੀਆਂ ਨਾਲ 4 ਸਤੰਬਰ ਨੂੰ ਮੀਟਿੰਗ ਤੈਅ ਹੋਣ ਤੋਂ ਬਾਅਦ ਕਿਸਾਨ ਆਗੂ ਸ੍ਰ. ਜਗਜੀਤ ਸਿੰਘ ਡੱਲੇਵਾਲ ਸਮੇਤ ਸਾਰੇ ਆਗੂਆਂ ਵੱਲੋਂ ਖ਼ਤਮ ਕਰਨ ਦਾ ਐਲਾਨ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਸਾ ਦੇ ਜਨਰਲ ਸਕੱਤਰ ਪੰਜਾਬ ਸ੍ਰ. ਸੁਰਿੰਦਰ ਸਿੰਘ ਧਤੌਂਦਾ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕੀਤਾ।
ਸ੍ਰ. ਧਤੌਂਦਾ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਵਿੱਚ ਖੇਤੀਬਾੜੀ ਦਾ ਅਹਿਮ ਯੋਗਦਾਨ ਹੈ ਅਤੇ ਕਿਸਾਨ ਤੇ ਮਜ਼ਦੂਰ ਵਰਗ ਦੇ ਹਿੱਤ ਸਿੱਧੇ ਤੌਰ ’ਤੇ ਖੇਤੀਬਾੜੀ ਨਾਲ ਜੁੜੇ ਹੋਏ ਹਨ। ਇਸ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਨੂੰ ਤੁਰੰਤ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨੀ ਸੰਘਰਸ਼ ਤੇ ਉਨ੍ਹਾਂ ਦੇ ਮਸਲਿਆਂ ’ਤੇ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੀ ਅਹਿਮ ਭੂਮਿਕਾ ਨਿਭਾਈ। ਮਹਾਤਮਾ ਗਾਂਧੀ ਦੀਆਂ ਯਾਤਰਾਵਾਂ ਅਤੇ ਅੰਦੋਲਨਾਂ ਤੋਂ ਲੈ ਕੇ ਪੰਜਾਬ ਦੇ ਸ਼ਹੀਦਾਂ ਅਤੇ ਦੇਸ਼ ਭਗਤਾਂ ਤੱਕ, ਦੇਸ਼ ਦੀ ਆਜ਼ਾਦੀ ਲਈ ਅਨੇਕਾਂ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਹਨ। ਅੱਜ ਤੇਲ, ਸੋਨਾ, ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਕਿਸਾਨ ਅਤੇ ਮਜ਼ਦੂਰ ਵਰਗ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਇਸ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।
ਸ੍ਰ. ਧਤੌਂਦਾ ਨੇ ਕਿਹਾ ਕਿ 4 ਸਤੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਅਤੇ ਦੋ ਹੋਰ ਕੇਂਦਰੀ ਮੰਤਰੀਆਂ ਦੇ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਇਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਅਤੇ ਬਾਰੀਕੀ ਨਾਲ ਵਿਚਾਰ-ਵਟਾਂਦਰਾ ਹੋ ਸਕੇਗਾ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕੇਂਦਰ ਸਰਕਾਰ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਸਲਿਆਂ ਦਾ ਸਾਰਥਕ ਅਤੇ ਸਥਾਈ ਹੱਲ ਕੱਢਣ ਲਈ ਯਤਨ ਕਰੇਗੀ।
- Download Babushahi App
-
-