ਕੈਂਸਰ ਦੀ ਸਕਰੀਨਿੰਗ ਲਈ ਕਮਿਊਨਿਟੀ ਹੈਲਥ ਅਫਸਰਾਂ ਅਤੇ ਸਟਾਫ ਨਰਸਾਂ ਨੂੰ ਸਿਖਲਾਈ ਦਿੱਤੀ
ਅਸ਼ੋਕ ਵਰਮਾ
ਬਠਿੰਡਾ, 26 ਨਵੰਬਰ 2025 : ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਅਤੇ ਨੋਡਲ ਅਫ਼ਸਰ ਡਾ ਕਰਨ ਅਬਰੋਲ ਦੀ ਦੇਖ-ਰੇਖ ਵਿੱਚ ਸਟਾਫ ਨਰਸ ਅਤੇ ਸੀ.ਐਚ.ਓਜ਼ ਦੀ ਕੈਂਸਰ ਦੀ ਸਕਰੀਨਿੰਗ ਸਬੰਧੀ ਸਥਾਨਕ ਜੱਚਾ-ਬੱਚਾ ਹਸਪਤਾਲ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਲਈ ਵਿਸ਼ੇਸ਼ ਤੌਰ ‘ਤੇ ਕੈਂਸਰ ਰੋਗ ਦੇ ਮਾਹਿਰ ਡਾ. ਬਦੀਸ਼ਾ ਦਾਸ ਅਤੇ ਰਾਜਵੰਤ ਨੇ ਹਾਜਰ ਸਨ। ਇਸ ਟ੍ਰੇਨਿੰਗ ਨਾਲ ਜਿਥੇ ਸਟਾਫ ਦੀ ਕਾਰਗੁਜਾਰੀ ਵਿੱਚ ਵਾਧਾ ਹੋਵੇਗਾ ਉਥੇ ਹੀ ਸਕਰੀਨਿੰਗ ਦੀ ਗਿਣਤੀ ਤੇ ਟੀਚੇ ਆਦਿ ਪੂਰੇ ਹੋਣ ਵਿੱਚ ਸਹਾਇਤਾ ਮਿਲੇਗੀ।
ਡਾ. ਕਰਨ ਅਬਰੋਲ ਨੇ ਦੱਸਿਆ ਕਿ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਹਰੇਕ ਬੁੱਧਵਾਰ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਕੰਮਰਾ ਨੰਬਰ 108 ਵਿਖੇ ਕੈਂਸਰ ਦੀ ਜਾਂਚ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਨੂੰ ਅਣਦੇਖਾ ਨਾ ਕਰਨ ਅਤੇ ਜੇਕਰ ਕੋਈ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਲੈਣ।
ਉਨ੍ਹਾਂ ਦੱਸਿਆ ਕਿ ਕੈਂਸਰ ਤੋਂ ਬਚਾਅ ਲਈ ਸਿਹਤਮੰਦ ਖੁਰਾਕ, ਨਿਯਮਿਤ ਕਸਰਤ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਸਭ ਮਹਿਲਾਵਾਂ ਅਤੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀਆਂ ਮਹਿਲਾਵਾਂ ਨੂੰ ਜਾਂਚ ਲਈ ਪ੍ਰੇਰਿਤ ਕਰਨ ਤੇ ਕੈਂਸਰ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ।