ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਡਿਊਟੀ ਦੌਰਾਨ ਮ੍ਰਿਤਕ ਫਾਇਰਮੈਨ ਦੇ ਪਿੰਡ ਖੋਟੇ ਪਹੁੰਚੇ
ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਸਥਾਨਕ ਸਰਕਾਰਾਂ ਮੰਤਰੀ ਨੇ ਮ੍ਰਿਤਕ ਫਾਇਰਮੈਨ ਦੇ ਪਰਿਵਾਰ ਨੂੰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ
ਮੋਗਾ, 19 ਮਈ:
ਮੋਗਾ ਜ਼ਿਲ੍ਹੇ ਦੇ ਪਿੰਡ ਮਹਿਮੇਵਾਲਾ ’ਚ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਵੇਲੇ ਡਿਊਟੀ ਦੌਰਾਨ ਆਪਣੀ ਜਿੰਦਗੀ ਗੁਆ ਬੈਠੇ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਆਏ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਲਾਸਪੁਰ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ (ਪੰਜਾਬ) ਗੁਰਪ੍ਰੀਤ ਸਿੰਘ ਖਹਿਰਾ, ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੂਮਿਤਾ, ਚੇਅਰਮੈਨ ਮਾਰਕੀਟ ਕਮੇਟੀ ਹਰਜਿੰਦਰ ਸਿੰਘ ਰੋਡੇ ਨੇ ਵੀ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮ੍ਰਿਤਕ ਗਗਨਦੀਪ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ ਅਤੇ ਇਸਦੀ ਭਰਪਾਈ ਤਾਂ ਕਿਸੇ ਵੀ ਕੀਮਤ ‘ਤੇ ਨਹੀ ਕੀਤੀ ਜਾ ਸਕਦੀ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਸੰਭਵ ਸਹਾਇਤਾ ਕਰਵਾਉਣ ’ਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ।