ਕੋਟਕਪੂਰਾ ਗੋਲੀਕਾਂਡ ਕੇਸ ਹੁਣ ਚੰਡੀਗੜ੍ਹ ਕੋਰਟ 'ਚ ਸ਼ਿਫਟ; ਹਾਈਕੋਰਟ ਨੇ ਸੁਰੱਖਿਆ ਕਾਰਨਾਂ ਕਰਕੇ ਦਿੱਤੇ ਹੁਕਮ
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ 2026: ਸਾਲ 2015 ਵਿੱਚ ਵਾਪਰੇ ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੁਣ ਫਰੀਦਕੋਟ ਦੀ ਬਜਾਏ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਕੇਸ ਦੇ ਟਰਾਇਲ ਨੂੰ ਚੰਡੀਗੜ੍ਹ ਸ਼ਿਫਟ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕੀਤੀ ਸੀ। ਉਨ੍ਹਾਂ ਦੀ ਦਲੀਲ ਸੀ ਕਿ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਦੌਰਾਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਸੁਰੱਖਿਆ ਕਾਰਨਾਂ ਕਰਕੇ ਕੇਸ ਨੂੰ ਕਿਸੇ ਹੋਰ ਸਥਾਨ 'ਤੇ ਤਬਦੀਲ ਕੀਤਾ ਜਾਵੇ। ਹਾਈਕੋਰਟ ਨੇ ਇਨ੍ਹਾਂ ਖਦਸ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦੀ ਫਾਈਲ ਚੰਡੀਗੜ੍ਹ ਭੇਜਣ ਦੇ ਹੁਕਮ ਦਿੱਤੇ।
ਬਹਿਬਲ ਕਲਾਂ ਕੇਸ ਵੀ ਪਹਿਲਾਂ ਹੀ ਹੋ ਚੁੱਕਾ ਹੈ ਸ਼ਿਫਟ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਬਹਿਬਲ ਕਲਾਂ ਗੋਲੀਕਾਂਡ ਦੇ ਟਰਾਇਲ ਨੂੰ ਵੀ ਫਰੀਦਕੋਟ ਤੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਸ਼ਿਫਟ ਕੀਤਾ ਗਿਆ ਸੀ। ਹੁਣ ਕੋਟਕਪੂਰਾ ਗੋਲੀਕਾਂਡ ਦਾ ਟਰਾਇਲ ਵੀ ਉਸੇ ਅਦਾਲਤ ਵਿੱਚ ਚੱਲੇਗਾ।
ਘਟਨਾ ਦਾ ਪਿਛੋਕੜ
ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ 12 ਅਕਤੂਬਰ 2015 ਨੂੰ ਘਟਨਾ ਵਾਪਰੀ। ਬੇਅਦਬੀ ਦੇ ਵਿਰੋਧ ਵਿੱਚ ਸਿੱਖ ਸੰਗਤਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ 14 ਅਕਤੂਬਰ 2015 ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਬਹਿਬਲ ਕਲਾਂ ਵਿੱਚ ਦੋ ਸਿੱਖਾਂ (ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ) ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਸਨ।
ਇਸ ਪੂਰੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਜਾ ਰਹੀ ਹੈ। ਕੇਸ ਦਾ ਟਰਾਇਲ ਚੰਡੀਗੜ੍ਹ ਸ਼ਿਫਟ ਹੋਣ ਨਾਲ ਹੁਣ ਅਗਲੇਰੀ ਕਾਨੂੰਨੀ ਪ੍ਰਕਿਰਿਆ ਨਵੇਂ ਸਿਰੇ ਤੋਂ ਚੰਡੀਗੜ੍ਹ ਵਿੱਚ ਸ਼ੁਰੂ ਹੋਵੇਗੀ। ਇਸ ਫੈਸਲੇ ਨੇ ਇੱਕ ਵਾਰ ਫਿਰ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਦਾ ਧਿਆਨ ਇਸ ਕੇਸ ਵੱਲ ਖਿੱਚਿਆ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ।
Click to Follow Babushahi Facebook page →