ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 21 ਜਨਵਰੀ 2026 : ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਜਿਲ੍ਹਾ ਬਠਿੰਡਾ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਠਿੰਡਾ ਆਉਣ ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕ ਗਏ ਹਨ ਜਿਸ ਕਰਕੇ ਇਸ ਮਹੱਤਵਪੂਰਨ ਦਿਨ ਤੇ ਇਹ ਸਖਤ ਫੈਸਲਾ ਲੈਣਾ ਪਿਆ ਹੈ।
ਬਠਿੰਡਾ ਵਿਖੇ ਕੀਤੀ ਮੀਟਿੰਗ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਗੁਰਬਖਸ਼ ਲਾਲ, ਜੋਨੀ ਸਿੰਗਲਾ ਅਤੇ ਜਿਲਾ ਕਨਵੀਨਰ ਸ਼ੈਫੀ ਗੋਇਲ ਅਤੇ ਜਿਲ੍ਹਾ ਕਮੇਟੀ ਮੈਬਰ ਸਾਹਿਬਾਨ ਸੁਮਿਤ ਗੋਇਲ, ਹਰਜੀਵਨ ਕੁਮਾਰ, ਅੰਸ਼ੁਮਨ ਕਾਂਸਲ, ਕਮਲਜੀਤ ਸਿੰਘ, ਨਵਪ੍ਰੀਤ ਸਿੰਘ, ਸੁਮਨਜੀਤ ਬਰਾੜ, ਰਾਜਿੰਦਰ ਕੁਮਾਰ, ਉਮੇਸ਼ ਬਾਂਸਲ ਆਦਿ ਆਗੂਆਂ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ।
ਅਧਿਆਪਕ ਆਗੂਆਂ ਨੇ ਦੱਸਿਆ ਕਿ AAP ਸਰਕਾਰ ਦੇ ਸੱਤਾ ਵਿੱਚ ਆਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਸਾਢੇ ਤਿੰਨ ਸਾਲ ਬਾਅਦ ਵੀ ਅਧੂਰਾ ਹੈ ਜਿਸ ਕਰਕੇ ਬਠਿੰਡਾ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 26 ਜਨਵਰੀ ਨੂੰ ਬਠਿੰਡਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਘਿਰਾਓ ਕੀਤਾ ਜਾਏਗਾ।
ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਅੱਜ ਤੱਕ ਸਾਡੇ ਤੇ ਛੇਵਾ ਪੇਅ ਕਮੀਸ਼ਨ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਨਿਯਮਾਂ ਅਧੀਨ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਪੂਰਾ ਅਣਰਿਵਾਈਜਡ ਡੀਏ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਬਣਾਈ ਗਈ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਹੁਣ ਉਨ੍ਹਾਂ ਨੇ ਅੱਕ ਕੇ ਪੰਜਾਬ ਸਰਕਾਰ ਨੂੰ ਵੱਖ-ਵੱਖ ਪਲੇਟਫਾਰਮਾਂ ਤੇ ਘੇਰਨ ਦੀ ਰਣਨੀਤੀ ਘੜੀ ਹੈ। ਉਹਨਾਂ ਦੱਸਿਆ ਕਿ ਆਉਂਦੇ ਦਿਨੀ ਪੰਜਾਬ ਸਰਕਾਰ ਦੇ ਆਗੂਆਂ ਨੂੰ ਸਾਲ 2022 ਵਿਚ ਕੀਤਾ ਵਾਅਦਾ ਯਾਦ ਦਿਵਾਇਆ ਜਾਏਗਾ।