ਖੇਡਾਂ ਵਤਨ ਪੰਜਾਬ ਦੀਆਂ: ਅੰਡਰ-21 ਬੈਡਮਿੰਟਨ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੇ ਜਿੱਤਿਆ ਕਾਂਸੀ ਦਾ ਤਗਮਾ
ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਦਿਖਾਇਆ ਦਮਖਮ; ਤਿੰਨ ਜ਼ਿਲ੍ਹਿਆਂ ਦੀਆਂ ਟੀਮਾਂ ਨੂੰ ਹਰਾ ਕੇ ਹਾਸਲ ਕੀਤਾ ਤੀਜਾ ਸਥਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 24 ਨਵੰਬਰ ,2026
ਖੇਡਾਂ ਵਤਨ ਪੰਜਾਬ ਦੀਆਂ 2026, ਸੀਜ਼ਨ-4 ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨ ਬੈਡਮਿੰਟਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਿਖੇ 16 ਤੋਂ 23 ਨਵੰਬਰ ਤੱਕ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਅੰਡਰ-21 ਬੈਡਮਿੰਟਨ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।
ਮੁਕਾਬਲੇ ਦੌਰਾਨ ਜ਼ਿਲ੍ਹੇ ਦੀ ਟੀਮ ਨੇ ਆਪਣੀ ਖੇਡ ਪ੍ਰਤਿਭਾ, ਮਜ਼ਬੂਤ ਇਰਾਦੇ ਅਤੇ ਜਿੱਤਣ ਦੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਨੇ ਪਹਿਲੇ ਗੇੜ ਵਿੱਚ ਤਰਨਤਾਰਨ, ਦੂਜੇ ਗੇੜ ਵਿੱਚ ਫਿਰੋਜ਼ਪੁਰ ਅਤੇ ਤੀਜੇ ਗੇੜ ਵਿੱਚ ਮੋਹਾਲੀ ਦੀਆਂ ਟੀਮਾਂ ਨੂੰ ਮਾਤ ਦੇ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਤਗਮਾ ਜਿੱਤਣ ਦਾ ਮਾਣ ਹਾਸਲ ਕੀਤਾ।
ਇਸ ਜੇਤੂ ਟੀਮ ਵਿੱਚ ਵੀਰ ਦਵਿੰਦਰ ਸਿੰਘ, ਜਗਵੀਰ ਸਿੰਘ, ਦੀਪਕ ਭਾਟੀਆ, ਤਨਿਸ਼ ਅਤੇ ਲੋਕੇਸ਼ ਨੇ ਆਪਣੀ ਖੇਡ ਕਲਾ ਦਾ ਬਿਹਤਰੀਨ ਮੁਜ਼ਾਹਰਾ ਕੀਤਾ।
ਇਸ ਮਾਣਮੱਤੀ ਪ੍ਰਾਪਤੀ 'ਤੇ ਸ਼ਹੀਦ ਭਗਤ ਸਿੰਘ ਨਗਰ ਦੇ ਬੈਡਮਿੰਟਨ ਕੋਚ ਰਮਨਦੀਪ ਸਿੰਘ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਖਿਡਾਰੀਆਂ ਦੀ ਅਣਥੱਕ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਇਸ ਪ੍ਰਾਪਤੀ ਨੂੰ ਪੂਰੇ ਜ਼ਿਲ੍ਹੇ ਲਈ ਮਾਣ ਵਾਲਾ ਪਲ ਦੱਸਿਆ।
ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਤਗਮਾ ਜਿੱਤ ਕੇ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਹੀ ਅਗਵਾਈ ਨਾਲ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਜ਼ਿਲ੍ਹੇ ਲਈ ਇਹ ਉਪਲਬਧੀ ਨਾ ਸਿਰਫ਼ ਮਾਣ ਦਾ ਵਿਸ਼ਾ ਹੈ, ਸਗੋਂ ਹੋਰਨਾਂ ਉੱਭਰਦੇ ਖਿਡਾਰੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।
- Download Babushahi App
-
-