ਸਮੈਮ ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 13 ਜੂਨ 2025 ਕੇਂਦਰ ਸਰਕਾਰ ਪ੍ਰਾਯੋਜਤ ਸਕੀਮ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਸਾਲ 2025-26 ਤਹਿਤ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਦਿੱਤੀਆਂ ਆਨਲਾਈਨ ਦਰਖਾਸਤਾਂ ਵਿਚੋਂ ਲਾਭਪਾਤਰੀਆਂ ਦੀ ਚੋਣ ਕਰਨ ਲਈ ਕੰਪਿਊਟਰ ਦੀ ਮਦਦ ਨਾਲ ਡਰਾਅ ਕੱਢਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਪ੍ਰਣਾਲੀ ਨਾਲ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਸਿਆ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਬਦਲਾਅ ਲਈ ਨਵੀਨਤਮ ਖੇਤੀ ਮਸ਼ੀਨਰੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਬਾਅਦ ਬਾਸਮਤੀ ਕਮਾਦ ਅਤੇ ਮੱਕੀ ਹੇਠ ਰਕਬਾ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਮੈਮ ਸਕੀਮ ਤਹਿਤ ਦਸ ਨੂਮੈਟਿਕ ਪਲਾਂਟਰ ਕਿਸਾਨਾਂ ਨੂੰ ਸਬਸਿਡੀ `ਤੇ ਦਿੱਤੇ ਗਏ ਹਨ, ਜਿਸ ਤੋਂ ਪਤਾ ਲਗਦਾ ਹੈ ਭਵਿੱਖ ਵਿਚ ਮੱਕੀ ਹੇਠ ਰਕਬਾ ਵਧ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹੀ 4 ਗੰਨਾ ਕੱਟਣ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਗੰਨੇ ਦੀ ਕਾਸ਼ਤ ਵਿਚ ਮਜ਼ਦੂਰਾਂ ਦੀ ਘਾਟ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਘਟਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਫ਼ਸਲਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੇ ਛਿੜਕਾਅ ਦੀ ਜ਼ਰੂਰਤ ਪੈਂਦੀ ਹੈ, ਪ੍ਰੰਤੂ ਸਹੀ ਛਿੜਕਾਅ ਤਕਨੀਕ ਦੀ ਘਾਟ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਮੱਸਿਆ ਦੇ ਹੱਲ ਲਈ ਸਮੇਮ ਸਕੀਮ ਤਹਿਤ ਬੂਮ ਛਿੜਕਾਅ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਮਸ਼ੀਨ ਨਾਲ ਕੀਟਨਾਸ਼ਕਾਂ ਅਤੇ ਉਲੀਨਾਸ਼ਕਾਂ ਦੀ ਕਾਰਜਕੁਸਲਤਾ ਵਧਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਹ ਮਸ਼ੀਨਾਂ ਕਿਸਾਨਾਂ ਦੀ ਆਮਦਨ ਵਾਧੇ ਵਿਚ ਸਹਾਇਕ ਸਿੱਧ ਹੋ ਸਕਣ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਖੇਤੀ ਦੇ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਚਲਾਈ ਜਾ ਰਹੀ ਸਕੀਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਸ਼ੀਨਾਂ ਦੀ ਖਰੀਦ `ਤੇ ਸਬਸਿਡੀ ਦੇਣ ਲਈ 28 ਅਪ੍ਰੈਲ 2025 ਤੋਂ 22 ਮਈ 2025 ਤੱਕ ਪੋਰਟਲ www.agrimachinerypb.com 'ਤੇ ਆਨਲਾਈ ਅਰਜੀਆਂ ਦੀ ਮੰਗ ਕੀਤੀ ਗਈ ਸੀ, ਜਿਸ ਅਨੁਸਾਰ ਪ੍ਰਾਪਤ ਅਰਜੀਆਂ ਵਿਚੋਂ ਅੱਜ ਡਰਾਅ ਕੱਢੇ ਗਏ ਹਨ। ਉਨ੍ਹਾਂ ਕਿਹਾ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਲਾਭਪਾਤਰੀਆਂ ਨੁੰ ਅਪੀਲ ਕੀਤੀ ਜਾਂਦੀ ਹੈ ਕਿ ਮਨਜ਼ੂਰ ਕੀਤੀਆਂ ਗਈਆਂ ਮਸ਼ੀਨਾਂ ਦੀ ਜਲਦ ਤੋਂ ਜਲਦ ਖਰੀਦ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲੈਣ ਲਈ ਸਬੰਧਤ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰੋਹਿਤ ਗਿੱਲ, ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਪੰਕਜ ਕੁਮਾਰ, ਦਿਲਬਾਗ ਸਿੰਘ ਚੀਮਾ, ਸਤਨਾਮ ਸਿੰਘ ਸੰਧੂ ਤੋਂ ਇਲਾਵਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਅਤੇਂ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ।