ਖੇਤ ਮਜ਼ਦੂਰ ਆਗੂ ਹਰਭਗਵਾਨ ਮੂਣਕ 'ਤੇ ਹਮਲੇ ਖਿਲਾਫ ਜਨਤਕ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਦਾ ਐਲਾਨ
ਅਸ਼ੋਕ ਵਰਮਾ
ਸੰਗਰੂਰ ,27 ਜੂਨ 2025: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸਾਥੀ ਹਰਭਗਵਾਨ ਮੂਣਕ 'ਤੇ ਗੋਬਿੰਦਪੁਰ ਪਾਪੜਾ ਦੇ ਜਾਗੀਰੂ ਚੌਧਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਖਿਲਾਫ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 28 ਜੂਨ ਨੂੰ ਮੂਣਕ ਵਿਖੇ ਵਿਸ਼ਾਲ ਤੇ ਰੋਹ ਭਰਪੂਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ । ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਨਤਕ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੋਂ ਇਲਾਵਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਲਖਵੀਰ ਸਿੰਘ ਲੌਂਗੋਵਾਲ,ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਦਾਤਾ ਸਿੰਘ, ਪੀ ਐਸ ਯੂ ਸ਼ਹੀਦ ਰੰਧਾਵਾ ਦੇ ਸੂਬਾਈ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਆਗੂ ਬਲਵੀਰ ਚੰਦ ਲੌਂਗੋਵਾਲ ਤੇ ਜੁਝਾਰ ਸਿੰਘ ਹਾਜ਼ਰ ਸਨ ਜਿਨ੍ਹਾਂ ਵੱਲੋਂ ਮੂਣਕ ਵਿਖੇ ਮੁਜ਼ਾਹਰੇ ਦੀ ਡਟਵੀ ਹਮਾਇਤ ਦਾ ਐਲਾਨ ਕੀਤਾ।
ਮਜ਼ਦੂਰ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਦੋਸ਼ੀਆਂ ਨੂੰ ਆਪ ਸਰਕਾਰ ਦੇ ਕੈਬਨਿਟ ਮੰਤਰੀ ਵਰਿੰਦਰ ਗੋਇਲ ਦੀ ਸਿਆਸੀ ਸਰਪ੍ਰਸਤੀ ਹੋਣ ਕਾਰਨ ਹੀ ਦੋਸ਼ੀਆਂ ਵੱਲੋਂ ਮਜ਼ਦੂਰਾਂ ਨਾਲ਼ ਲਗਾਤਾਰ ਧੱਕੇਸ਼ਾਹੀਆ ਕਰਨ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ।ਇਸੇ ਦੌਰਾਨ ਇਹਨਾਂ ਆਗੂਆਂ ਦਾ ਜਨਤਕ ਵਫ਼ਦ ਐਸ ਐਸ ਪੀ ਸੰਗਰੂਰ ਨੂੰ ਮਿਲਿਆ ਗਿਆ। ਵਫ਼ਦ ਨੇ ਐਸ ਐਸ ਪੀ ਨੂੰ ਦੱਸਿਆ ਕਿ ਪੁਲਿਸ ਨੇ ਹਮਲਾਵਰਾਂ ਅਤੇੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਨੂੰ ਲਾਭ ਪਹੁੰਚਾਉਣ ਦੇ ਮਕਸਦ ਨਾਲ ਜਾਣਬੁੱਝ ਕੇ ਮਾਮੂਲੀ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਇਰਾਦਾ ਕਤਲ ਤੇ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਿੰਡ ਗੋਬਿੰਦਪੁਰ ਪਾਪੜਾ ਦੇ ਐਸ ਸੀ ਭਾਈਚਾਰੇ ਦੇ ਲੋਕਾਂ ਵੱਲੋਂ ਠੇਕੇ 'ਤੇ ਲਈ ਪੰਚਾਇਤੀ ਜ਼ਮੀਨ 'ਚ ਬੀਜੀਆਂ ਸਬਜ਼ੀਆਂ ਵਾਹੁਣ ਵਾਲੀ ਮੌਜੂਦਾ ਸਰਪੰਚ ਗੁਰਪ੍ਰੀਤ ਕੌਰ ਸਰਪੰਚ ਦੇ ਪਤੀ ਕੁਲਵਿੰਦਰ ਸਿੰਘ ਤੇ ਹੋਰਨਾਂ ਦੋਸ਼ੀਆਂ ਖਿਲਾਫ ਵੀ ਐਸ ਸੀ ਐਸ ਟੀ ਐਕਟ ਤਹਿਤ ਕੇਸ ਦਰਜ ਕੀਤਾ ਜਾਵੇ।
ਐਸ ਐਸ ਪੀ ਵੱਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਮਜ਼ਦੂਰ ਆਗੂ ਹਰਭਗਵਾਨ ਸਿੰਘ ਦਾ ਤਰਮੀਮਾ ਬਿਆਨ ਲਿਖਕੇ ਐਸ ਸੀ ਐਸ ਟੀ ਐਕਟ ਸਮੇਤ ਬਣਦੀਆਂ ਹੋਰਨਾਂ ਧਰਾਵਾਂ ਦਾ ਵਾਧਾ ਕੀਤਾ ਜਾਵੇਗਾ ਅਤੇ ਸਬਜ਼ੀਆਂ ਵਾਹੁਣ ਵਾਲੇ ਦੋਸ਼ੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਜਨਤਕ ਜਥੇਬੰਦੀਆਂ ਦੇ ਇਹ ਵੀ ਦੋਸ਼ ਲਾਇਆ ਕਿ ਦੇਰ ਰਾਤ ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰਾਂ ਵੱਲੋਂ ਜ਼ਖ਼ਮੀ ਮਜ਼ਦੂਰ ਆਗੂ ਹਰਭਗਵਾਨ ਸਿੰਘ ਮੂਣਕ ਦਾ ਇਲਾਜ ਕਰਨ ਦੀ ਥਾਂ ਜਾਣਬੁੱਝ ਕੇ ਅੱਧੀ ਰਾਤ ਫੌਰੀ ਐਮ ਆਈ ਆਰ ਕਰਾਉਣ ਦਾ ਹੁਕਮ ਚਾੜ੍ਹ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਪ੍ਰੰਤੂ ਉਥੇ ਵੀ ਮਜ਼ਦੂਰ ਆਗੂ ਦੀ ਐਮ ਆਰ ਆਈ ਨਹੀਂ ਕੀਤੀ ਗਈ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਸਿਹਤ ਕ੍ਰਾਂਤੀ ਦੇ ਦਮਗਜ਼ੇ ਮਾਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ੱਦੀ ਜ਼ਿਲੇ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਚ ਐਮ ਆਰ ਆਈ ਕਰਨ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਨਾ ਹੋਣਾ ਸਰਕਾਰੀ ਦਾਅਵਿਆਂ ਦਾ ਮੂੰਹ ਚਿੜਾ ਰਿਹਾ ਹੈ।