ਖੇਤ ਮਜ਼ਦੂਰ ਯੂਨੀਅਨ ਵੱਲੋਂ ਮਨਰੇਗਾ ਕਰਮਚਾਰੀਆਂ 'ਤੇ ਲਾਠੀਚਾਰਜ ਜਮਹੂਰੀ ਹੱਕਾਂ ਦਾ ਘਾਣ ਕ਼ਰਾਰ
ਪੰਚਾਇਤ ਮੰਤਰੀ ਵੱਲੋਂ ਕਰਮਚਾਰੀਆਂ ਨਾਲ ਮੀਟਿੰਗ ਤਿੱਖੇ ਰੋਹ 'ਤੇ ਠੰਢਾ ਛਿੜਕਣ ਦੀ ਕਵਾਇਦ
ਅਸ਼ੋਕ ਵਰਮਾ
ਬਠਿੰਡਾ,16 ਜੁਲਾਈ 2026 : ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ,ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜਾਰੀ ਕੀਤੇ ਬਿਆਨ ਰਾਹੀਂ ਕੱਲ ਖੰਨਾ ਵਿਖੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਘਰ ਅੱਗੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਮਨਰੇਗਾ ਕਰਮਚਾਰੀਆਂ ਅਤੇ ਵਰਕਰਾਂ ਉੱਤੇ ਪੁਲਿਸ ਵੱਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਜਮਹੂਰੀਅਤ ਦਾ ਘਾਣ ਕਰਾਰ ਦਿੱਤਾ। ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਬਦਲਾਅ ਦਾ ਝਾਂਸਾ ਦੇ ਕੇ ਸਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਮਨਰੇਗਾ ਕਰਮਚਾਰੀਆਂ ਦੀਆਂ ਅੱਠ ਮਹੀਨਿਆਂ ਦੀਆਂ ਤਨਖਾਹਾਂ ਦੇਣ ਤੋਂ ਵੀ ਇਨਕਾਰੀ ਹੈ।
ਉਹਨਾਂ ਆਖਿਆ ਕਿ ਸਭਨਾ ਠੇਕਾ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਕਰੋੜਾਂ ਰੁਪਏ ਖਰਚ ਕਰਕੇ ਬੋਰਡ ਲਾਉਣ ਦੇ ਬਾਵਜੂਦ ਮਨਰੇਗਾ ਕਰਮਚਾਰੀਆਂ ਨੂੰ ਵਿਭਾਗ ਚ ਲਿਆਕੇ ਪੂਰੀ ਤਨਖਾਹ ਦੇਣ ਤੇ ਪੱਕੇ ਕਰਨਾ ਦਾ ਦੂਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਹਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਪੁਲਿਸੀ ਤਾਕਤ ਦੇ ਜੋਰ ਹੱਕੀ ਆਵਾਜ਼ ਨੂੰ ਦਬਾਉਣ ਦੇ ਰਾਹ ਤੁਰ ਪਈ ਹੈ। ਉਹਨਾਂ ਲਾਠੀਚਾਰਜ ਦੌਰਾਨ ਮੁਲਾਜ਼ਮਾਂ ਦੀਆਂ ਲੱਤਾਂ ਤੋੜਨ, ਔਰਤਾਂ ਨੂੰ ਕੁੱਟ ਕੇ ਬੇਸੁੱਧ ਕਰਨ ਤੋਂ ਬਾਅਦ ਪੰਚਾਇਤ ਮੰਤਰੀ ਸੌਂਦ ਵੱਲੋਂ ਮੁਲਾਜ਼ਮਾਂ ਦੇ ਤਿੱਖੇ ਰੋਹ ਨੂੰ ਦੇਖਦਿਆਂ ਮੀਟਿੰਗ ਕਰਕੇ ਮਸਲੇ ਹੱਲ ਕਰਨ ਦੇ ਭਰੋਸੇ ਤਿੱਖੇ ਰੋਹ 'ਤੇ ਠੰਡਾ ਛਿੜਕਣ ਦੀ ਹੀ ਕੋਝੀ ਚਾਲ ਕਰਾਰ ਦਿੱਤਾ ।
ਉਹਨਾਂ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਨੂੰ ਫੌਰੀ ਵਿਭਾਗ ਵਿੱਚ ਲਿਆ ਕੇ ਪੱਕੇ ਕੀਤਾ ਜਾਵੇ, ਉਹਨਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ 'ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਲਾਠੀਚਾਰਜ ਦੌਰਾਨ ਜਖਮੀ ਹੋਏ ਮੁਲਾਜ਼ਮਾਂ ਦੇ ਇਲਾਜ ਤੇ ਮੁਆਵਜੇ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਇਸ ਮਸਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਜਨਤਕ ਤੌਰ 'ਤੇ ਮਾਫੀ ਮੰਗੀ ਜਾਵੇ।
- Download Babushahi App
-
-