ਖੇਤ ਮਜ਼ਦੂਰ ਯੂਨੀਅਨ ਵੱਲੋਂ ਮਨਰੇਗਾ ਕਰਮਚਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ 'ਚ ਨਿਖੇਧੀ
ਪੰਚਾਇਤ ਮੰਤਰੀ 'ਤੇ ਕਰਮਚਾਰੀਆਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼
ਅਸ਼ੋਕ ਵਰਮਾ
ਬਠਿੰਡਾ, 20 ਜੁਲਾਈ 2026 : ਮਨਰੇਗਾ ਕਰਮਚਾਰੀਆਂ ਵੱਲੋਂ 20 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਘਰ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਸਾਬੋਤਾਜ ਕਰਨ ਲਈ ਪੰਜਾਬ ਪੁਲਿਸ ਵੱਲੋਂ ਮਨਰੇਗਾ ਕਰਮਚਾਰੀਆਂ ਤੇ ਆਗੂਆਂ ਨੂੰ ਵੱਡੇ ਪੱਧਰ 'ਤੇ ਗਿਰਫ਼ਤਾਰ ਕਰਨ ਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਖ਼ਤ ਨਿਖੇਧੀ ਕਰਦਿਆਂ ਗਿਰਫ਼ਤਾਰ ਆਗੂਆਂ ਤੇ ਵਰਕਰਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਦੋਸ਼ ਲਾਇਆ ਕਿ ਬੀਤੇ ਦਿਨੀਂ ਮਨਰੇਗਾ ਕਰਮਚਾਰੀਆਂ ਤੇ ਵਰਕਰਾਂ ਉੱਤੇ ਖੰਨਾ ਵਿਖੇ ਪੁਲਿਸ ਵੱਲੋਂ ਲਾਠੀਚਾਰਜ ਉਪਰੰਤ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਮੁਲਾਜ਼ਮਾਂ ਦੀ ਅੱਠ ਮਹੀਨਿਆਂ ਤੋਂ ਰੁਕੀ ਤਨਖਾਹ ਜ਼ਾਰੀ ਕਰਨ ਆਦਿ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ।
ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਤੇ ਪੰਚਾਇਤ ਮੰਤਰੀ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਕਰਮਚਾਰੀਆਂ ਨਾਲ਼ ਵਿਸ਼ਵਾਸਘਾਤ ਕਰਦਿਆਂ ਇਹਨਾਂ ਕਰਮਚਾਰੀਆਂ ਨੂੰ ਟਰਮੀਨੇਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ , ਜਿਸਦੇ ਰੋਸ ਵਜੋਂ ਇਹਨਾਂ ਕਰਮਚਾਰੀਆਂ ਵੱਲੋਂ 20 ਜੁਲਾਈ ਨੂੰ ਪੰਚਾਇਤ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਮਜ਼ਦੂਰ ਆਗੂਆਂ ਨੇ ਆਖਿਆ ਕਿ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਥਾਂ ਉਹਨਾਂ ਦੇ ਰੋਸ ਕਰਨ ਦੇ ਜਮਹੂਰੀ ਹੱਕ ਦਾ ਘਾਣ ਕਰਦਿਆਂ ਆਗੂਆਂ ਤੇ ਵਰਕਰਾਂ ਨੂੰ ਗਿਰਫ਼ਤਾਰ ਕਰਨ ਦੇ ਹੁਕਮ ਚਾੜ੍ਹ ਦਿੱਤੇ ਗਏ। ਮਜ਼ਦੂਰ ਆਗੂਆਂ ਨੇ ਆਖਿਆ ਕਿ ਆਪ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਵਾਂਗ ਹੀ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਮਜ਼ਦੂਰ ਆਗੂਆਂ ਨੇ ਸਮੂਹ ਇਨਸਾਫ ਪਸੰਦ ਧਿਰਾਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਦੇ ਵਿਰੋਧ ਦਾ ਸੱਦਾ ਦਿੱਤਾ ਹੈ।
- Download Babushahi App
-
-