ਖੇੜੀ ਜੱਟਾਂ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
- ਵਿਧਾਇਕ ਰੰਧਾਵਾ ਨੇ ਕੀਤਾ ਸਵਾਗਤ
ਮਲਕੀਤ ਸਿੰਘ ਮਲਕਪੁਰ
ਲਾਲੜੂ 20 ਮਈ 2025: ਲਾਲੜੂ ਇਲਾਕੇ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਖੇੜੀ ਜੱਟਾਂ ਦੇ ਸਾਬਕਾ ਸਰਪੰਚ ਹਰਚੰਦ ਸਿੰਘ ਆਪਣੇ ਪੁਰਾਣੇ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਇਹ ਫੈਸਲਾ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਲਿਆ ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ । ਸਾਬਕਾ ਸਰਪੰਚ ਹਰਚੰਦ ਸਿੰਘ, ਜੋ ਕਈ ਸਾਲਾਂ ਤੋਂ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਹਸਤੀ ਰਹੇ ਹਨ, ਨੇ ਆਪਣੇ ਫੈਸਲੇ ਦਾ ਮੁੱਖ ਕਾਰਨ 'ਆਪ' ਦੀਆਂ ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਨੀਤੀਆਂ ਦਾ ਹਵਾਲਾ ਦਿੱਤਾ।
ਉਨ੍ਹਾਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਕਾਰਜਸ਼ੈਲੀ ਦੀ ਵੀ ਸ਼ਲਾਘਾ ਕੀਤੀ । ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਪਹਿਲੀਆਂ ਸਰਕਾਰਾਂ ਵਾਂਗ ਵਿਤਕਰੇਬਾਜ਼ੀ ਜਾਂ ਪੱਖਪਾਤੀ ਢੰਗ ਨਾਲ ਨਹੀਂ ਸਗੋਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਨਿਰਪੱਖਤਾ ਨਾਲ ਕੀਤੇ ਜਾ ਰਹੇ ਹਨ।