ਖੰਨਾ: ਬਿਜਲੀ ਵਿਭਾਗ ਦੇ ਆਊਟਸੋਰਸ ਕਾਮਿਆਂ ਨੇ ਬਿਜਲੀ ਮੰਤਰੀ ਦੇ ਘਰ ਅੱਗੇ ਲਾਇਆ ਪੱਕਾ ਮੋਰਚਾ
ਖੰਨਾ ਪੁਲਿਸ ਨੇ ਕੀਤੀ ਬੈਰੀਕੇਡਿੰਗ, ਵੱਡੀ ਗਿਣਤੀ ’ਚ ਫੋਰਸ ਤਾਇਨਾਤ
ਰਵਿੰਦਰ ਸਿੰਘ ਢਿੱਲੋਂ/ਬਾਬੂਸ਼ਾਹੀ ਨੈਟਵਰਕ
ਖੰਨਾ, 16 ਅਗਸਤ, 2026:
ਪੰਜਾਬ ਦੇ ਬਿਜਲੀ ਵਿਭਾਗ ਵਿੱਚ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਖੰਨਾ ਸਥਿਤ ਕੋਠੀ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਕਾਮਿਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਠੇਕੇਦਾਰੀ ਸਿਸਟਮ ਤੋਂ ਬਾਹਰ ਕੱਢ ਕੇ ਬਿਜਲੀ ਵਿਭਾਗ ਦੇ ਅਧੀਨ ਨਹੀਂ ਲਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਕਾਮਿਆਂ ਦਾ ਕਹਿਣਾ ਹੈ ਕਿ ਪੰਜਾਬ ਭਰ ਵਿੱਚ ਲਗਭਗ 1600 ਆਊਟਸੋਰਸ ਬਿਜਲੀ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਅਤੇ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਏ ਹਨ।
ਆਊਟਸੋਰਸ ਕਾਮਿਆਂ ਨੇ ਕਿਹਾ ਕਿ ਉਹ ਬਿਜਲੀ ਵਿਭਾਗ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਠੇਕੇਦਾਰੀ ਪ੍ਰਣਾਲੀ ਅਧੀਨ ਰੱਖਿਆ ਗਿਆ ਹੈ। ਉਨ੍ਹਾਂ ਦੀ ਮੰਗ ਹੈ ਕਿ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਉਨ੍ਹਾਂ ਨੂੰ ਵਿਭਾਗ ਦੇ ਅਧੀਨ ਲਿਆ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਾ ਕੀਤਾ ਜਾਵੇ।
ਇਸ ਦੌਰਾਨ ਆਊਟਸੋਰਸ ਕਾਮਿਆਂ ਦੇ ਬਿਜਲੀ ਮੰਤਰੀ ਦੀ ਕੋਠੀ ਵੱਲ ਵਧਣ ਦੇ ਐਲਾਨ ਤੋਂ ਬਾਅਦ ਖੰਨਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਪੁਲਿਸ ਨੇ ਕਲੋਨੀ ਵੱਲ ਜਾਣ ਵਾਲੇ ਰਸਤੇ ’ਤੇ ਬੈਰੀਕੇਡਿੰਗ ਕਰ ਦਿੱਤੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਪੁਲਿਸ ਵੱਲੋਂ ਕਾਮਿਆਂ ਨੂੰ ਕੋਠੀ ਵੱਲ ਜਾਣ ਤੋਂ ਰੋਕਿਆ ਗਿਆ।
ਫਿਲਹਾਲ ਕਾਮਿਆਂ ਨੇ ਕਲੋਨੀ ਦੇ ਗੇਟ ਦੇ ਬਾਹਰ ਹੀ ਧਰਨਾ ਲਗਾ ਦਿੱਤਾ ਹੈ। ਆਊਟਸੋਰਸ ਕਾਮਿਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਨ੍ਹਾਂ ਦਾ ਪੱਕਾ ਮੋਰਚਾ ਜਾਰੀ ਰਹੇਗਾ।
- Download Babushahi App
-
-