ਖੰਨਾ 'ਚ ਫੌਜ ਦੇ ਜਵਾਨ ਨੇ ਕੀਤੀ ਖੁਦਕੁਸ਼ੀ: ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼, 3 ਦਿਨ ਪਹਿਲਾਂ ਹੀ ਆਇਆ ਸੀ ਛੁੱਟੀ
Ravinder singh/ ਬਾਬੂਸ਼ਾਹੀ ਬਿਊਰੋ
ਖੰਨਾ, 22 ਜੁਲਾਈ (2026): ਖੰਨਾ ਦੇ ਆਨੰਦ ਨਗਰ ਇਲਾਕੇ 'ਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਰਤੀ ਫੌਜ ਦੇ ਇੱਕ ਜਵਾਨ ਨੇ ਆਪਣੇ ਘਰ ਅੰਦਰ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਫੌਜ ਵਿੱਚ ਤਾਇਨਾਤ ਸੀ ਅਤੇ ਇਸ ਸਮੇਂ ਪਠਾਨਕੋਟ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ।
ਜਾਣਕਾਰੀ ਅਨੁਸਾਰ ਜਸਬੀਰ ਸਿੰਘ ਮਹਿਜ਼ ਤਿੰਨ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਆਪਣੇ ਘਰ ਆਇਆ ਸੀ। ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਦੀ ਲਾਸ਼ ਕਮਰੇ 'ਚ ਪੱਖੇ ਨਾਲ ਲਟਕਦੀ ਦੇਖੀ ਤਾਂ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਟੀ ਥਾਣਾ 2 ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਕੌਂਸਲਰ ਹਰਦੀਪ ਸਿੰਘ ਨੀਨੂੰ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਥਾਣਾ ਮੁਖੀ ਤਰਵਿੰਦਰ ਕੁਮਾਰ ਬੇਦੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਫੌਜੀ ਦਾ Mobile Phone ਵੀ ਕਬਜ਼ੇ 'ਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-