ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਰੋਹਿਤ ਗੁਪਤਾ
ਗੁਰਦਾਸਪੁਰ, 05 ਸਤੰਬਰ- ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਵਿਖੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ। ਇਸੇ ਦੌਰਾਨ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਸਮਗਰੀ ਵੀ ਵੰਡੀ ਗਈ।
ਇਸ ਤੋਂ ਬਾਅਦ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਝਬਕਰਾ ਅਤੇ ਗਾਹਲੜੀ ਪਿੰਡ ਵਿੱਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਘਰਾਂ ਦਾ ਮੁਆਇਨਾਂ ਵੀ ਕੀਤਾ ਅਤੇ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਭਾਵੇਂ ਹੜ੍ਹਾਂ ਦਾ ਇਹ ਸੰਕਟ ਵੱਡਾ ਹੈ ਪਰ ਅਸੀਂ ਸਭ ਮਿਲ ਕੇ ਇਸ ਉੱਪਰ ਕਾਬੂ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜ ਲਗਾਤਾਰ ਚਲਾਏ ਜਾ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਤਰਾਂ ਨਾਲ ਸਹਾਇਤਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੁਣ ਅਗਲੇ ਦਿਨਾਂ ਦੌਰਾਨ ਹੋਰ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਤੌਰ 'ਤੇ ਫੌਗਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਮੌਜੂਦ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਦੀ ਹੋਰ ਵੀ ਕੋਈ ਮੁਸ਼ਕਲ ਜਾਂ ਮੰਗ ਹੈ ਉਸ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਜਨਰਲ) ਆਦਿੱਤਯ ਗੁਪਤਾ, ਸਹਾਇਕ ਕਮਿਸ਼ਨਰ ਕੁਲਦੀਪ ਚੰਦ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।