ਗੁਰਦਾਸਪੁਰ: 62 ਆਮ ਆਦਮੀ ਕਲੀਨਿਕਾਂ ਨੇ 2349418 ਵਿਅਕਤੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ - ਰਮਨ ਬਹਿਲ
ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ - ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 09 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕਾਂ ਖੋਲ੍ਹੇ ਗਏ ਹਨ ਜਿਸ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ।
ਆਮ ਆਦਮੀ ਕਲੀਨਿਕਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 62 ਆਮ ਆਦਮੀ ਕਲੀਨਿਕਾਂ ਵਿੱਚੋਂ 2349418 ਨਾਗਰਿਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈੱਸਟਾਂ ਦੀ ਮੁਫ਼ਤ ਸਹੂਲਤ ਉਪਲਬਧ ਹੈ ਅਤੇ 103 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਪਹਿਲਾਂ ਜਿੱਥੇ ਆਮ ਲੋਕਾਂ ਨੂੰ ਆਪਣੀ ਸਿਹਤ ਸਬੰਧੀ ਹੁੰਦੇ ਮਸਲਿਆਂ ਬਾਰੇ ਹਸਪਤਾਲਾਂ ਵਿੱਚ ਆਉਣਾ ਪੈਂਦਾ ਸੀ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧੇਰੇ ਗਿਣਤੀ ਹੋਣ ਕਾਰਨ ਲੋਕਾਂ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਦਿਆਂ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਪ੍ਰੰਤੂ ਹੁਣ ਇਨ੍ਹਾਂ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਜਿੱਥੇ ਕਿ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਦਵਾਈਆਂ ਅਤੇ ਟੈੱਸਟਾਂ ਦੀ ਸਹੂਲਤ ਮਿਲਣ ਨਾਲ ਮਰੀਜ਼ ਜਲਦੀ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਹੋਰ ਲੋਕ ਵੀ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਆਮ ਆਦਮੀ ਕਲੀਨਿਕ ਮਾਡਲ ਸਿਹਤ ਸੇਵਾਵਾਂ ਵਿੱਚ ਇੱਕ ਕ੍ਰਾਂਤੀਕਾਰੀ ਸੁਧਾਰ ਹੈ ਜਿਸ ਤੋਂ ਸੂਬੇ ਦੇ ਲੋਕ ਪੂਰੀ ਤਰਾਂ ਸੰਤੁਸ਼ਟ ਹਨ।