ਗੁਰਦਾਸਪੁਰ 'ਚ ਨਸ਼ਿਆਂ ਖ਼ਿਲਾਫ਼ ਜੰਗ ਸਾਈਕਲ ਰੈਲੀ
ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਨੂੰ ਇਕੱਠੇ ਹੋ ਕੇ ਮੁਹਿੰਮ ਚਲਾਉਣ ਦੀ ਲੋੜ- ਕੁਲਦੀਪ ਚੰਦ, ਸਹਾਇਕ ਕਮਿਸ਼ਨਰ ਗੁਰਦਾਸਪੁਰ
ਰੋਹਿਤ ਗੁਪਤਾ
ਗੁਰਦਾਸਪੁਰ, 21 ਮਈ 2026- ਰੋਮੇਸ ਮਹਾਜਨ ਨੈਸ਼ਨਲ ਅਵਾਰਡੀ ਦੀ ਯੋਗ ਅਗਵਾਈ ਹੇਠ ਰੈੱਡ ਕ੍ਰਾਸ ਇੰਟੀਗ੍ਰੇਟਿਡ ਰੀਹੈਬਿਲਿਟੇਸ਼ਨ ਸੈਂਟਰ ਫਾਰ ਐਡਿਕਟਸ, ਬੱਬੇਹਾਲੀ, ਗੁਰਦਾਸਪੁਰ ਵੱਲੋਂ ਅੱਜ “War Against Drugs – Say No to Drugs, Say Yes to Life” ਦੇ ਬੈਨਰ ਹੇਠ ਇੱਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਵੱਧ ਰਹੀ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਇਸ ਕੇਂਦਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਰੋਮੇਸ਼ ਮਹਾਜਨ, ਬਖ਼ਸ਼ੀ ਰਾਜ, ਸਟਾਫ ਮੈਂਬਰ, ਯੂਥ ਵਲੰਟੀਅਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਜਾਗਰੂਕਤਾ ਰੈਲੀ ਵਿੱਚ 45 ਸਾਈਕਲ ਸਵਾਰਾਂ ਅਤੇ 155 ਨੌਜਵਾਨਾਂ ਸਮੇਤ ਡਰੱਗ ਡੀ-ਐਡੀਕਸ਼ਨ ਸੈਂਟਰ ਦੇ ਸਮੂਹ ਸਟਾਫ ਨੇ ਭਾਗ ਲਿਆ। ਇਹ ਰੈਲੀ ਡਰੱਗ ਡੀ-ਐਡੀਕਸ਼ਨ ਸੈਂਟਰ, ਬੱਬੇਹਾਲੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦਿੰਦੀ ਹੋਈ ਤਿੱਬੜ ਕੈਨਾਲ ਪੁਲ ’ਤੇ ਸਮਾਪਤ ਹੋਈ।
ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਕੁਲਦੀਪ ਚੰਦ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਨੂੰ ਇਕੱਠੇ ਹੋ ਕੇ ਮੁਹਿੰਮ ਚਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਐਵਾਰਡੀ ਰੋਮੇਸ ਮਹਾਜਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਵਿਜ਼ਟਰ ਬੁੱਕ ਵਿੱਚ ਆਪਣੇ ਵਿਚਾਰ ਦਰਜ ਕਰਦੇ ਹੋਏ ਉਨ੍ਹਾਂ ਲਿਖਿਆ, “ਮੈਂ ਇੱਥੇ ਆ ਕੇ ਬਹੁਤ ਹੀ ਸਕਾਰਾਤਮਕ ਮਹਿਸੂਸ ਕਰ ਰਿਹਾ ਹਾਂ ਅਤੇ ਪ੍ਰਭਾਵਿਤ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਰੋਮੇਸ ਮਹਾਜਨ ਜੀ ਨੂੰ ਚੰਗੀ ਸਿਹਤ ਬਖ਼ਸ਼ੇ ਤਾਂ ਜੋ ਉਹ ਹੋਰ ਵੱਧ ਜੋਸ਼ ਅਤੇ ਸਮਰਪਣ ਨਾਲ ਸੈਂਟਰ ਦੀ ਸੇਵਾ ਕਰ ਸਕਣ।” ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਇਸ ਰੈਲੀ ਰਾਹੀਂ ਲੋਕਾਂ ਨੂੰ ਸਾਈਕਲ ਦੀ ਵਰਤੋਂ ਵਧਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਰੋਮੇਸ਼ ਮਹਾਜਨ ਨੇ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸਾਈਕਲ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਪੈਟਰੋਲ ਅਤੇ ਡੀਜ਼ਲ ਦੀ ਬਚਤ ਹੋ ਸਕੇ ਅਤੇ ਵਾਤਾਵਰਣ ਦੀ ਰੱਖਿਆ ਕੀਤੀ ਜਾ ਸਕੇ। ਆਖਰ ਵਿੱਚ ਰੋਮੇਸ਼ ਮਹਾਜਨ ਨੇ ਮੁੱਖ ਮਹਿਮਾਨ, ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਸਾਈਕਲ ਸਵਾਰਾਂ, ਯੂਥ ਵਲੰਟੀਅਰਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਸਫਲ ਰਹੀ। ਇਸ ਮੌਕੇ ਡਰੱਗ ਡੀ-ਐਡੀਕਸ਼ਨ ਸੈਂਟਰ ਦੇ ਸਮੂਹ ਕਰਮਚਾਰੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਨਸ਼ਾ ਮੁਕਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਦੁਹਰਾਈ।
- Download Babushahi App
-
-