ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਦੀ ਕੁੱਟਮਾਰ ਤੇ ਗੋਲਕ ’ਚੋਂ ਚੋਰੀ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ
ਸੁਖਮਿੰਦਰ ਭੰਗੂ
ਲੁਧਿਆਣਾ, 24 ਅਕਤੂਬਰ 2026- ਗੁਰਦੇਵ ਨਗਰ ਸਥਿਤ ਗੁਰਦੁਆਰਾ ਸੰਤਪੁਰਾ ਦੇ ਸੇਵਾਦਾਰ ਪਾਠੀ ਬਾਬਾ ਸਪਿੰਦਰ ਸਿੰਘ ਦੀ ਕੁੱਟਮਾਰ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਹ ਕਾਰਵਾਈ ਕੀਤੀ। ਇਹ ਵਾਰਦਾਤ 13 ਅਕਤੂਬਰ ਨੂੰ ਵਾਪਰੀ ਸੀ, ਜਿਸ ਸਬੰਧੀ ਦੋ ਅਣਪਛਾਤੇ ਵਿਅਕਤੀਆਂ ਅਤੇ ਇੱਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਛੱਤਰ ਸਿੰਘ ਵਾਸੀ ਗਣਪਤੀ ਇਨਕਲੇਵ, ਬ੍ਰਾਹਮਣ ਮਾਜਰਾ ਅਤੇ ਤਰਨਜੀਤ ਸਿੰਘ ਵਾਸੀ ਚਾਂਦ ਕਲੋਨੀ, ਹੈਬੋਵਾਲ ਖੁਰਦ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਨਛੱਤਰ ਸਿੰਘ ਮੁੱਲਾਂਪੁਰ ਦਾਖਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਪਾਠੀ ਵਜੋਂ ਸੇਵਾ ਨਿਭਾਉਂਦਾ ਹੈ, ਜਦਕਿ ਤਰਨਜੀਤ ਸਿੰਘ ਸਕਿਉਰਿਟੀ ਗਾਰਡ ਵਜੋਂ ਕੰਮ ਕਰਦਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
- Download Babushahi App
-
-