ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 11 ਲੱਖ ਰੁਪਏ
ਅੰਮ੍ਰਿਤਸਰ, 8 ਨਵੰਬਰ-
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 11 ਲੱਖ ਰੁਪਦੇ ਦਾ ਯੋਗਦਾਨ ਪਾਇਆ ਹੈ। ਇਸ ਰਾਸ਼ੀ ਦਾ ਚੈੱਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਕਮੇਟੀ ਦੇ ਪ੍ਰਬੰਧਕ ਮੈਂਬਰ ਬਾਬਾ ਨਾਗਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਵਿੱਚ ਸੰਗਤਾਂ ਅਤੇ ਸੰਸਥਾਵਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਪ੍ਰੇਰਨਾ ਨਾਲ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ।