ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਪੰਜਾਬ ਨੇ ਕੀਤਾ ‘ਪਸ਼ੂ ਪਾਲਣ ਮੇਲੇ’ ਦਾ ਉਦਘਾਟਨ
ਵਿਭਿੰਨ ਡੇਅਰੀ ਉਤਪਾਦ ਅਤੇ ਸਾਹਿਤ ਕੀਤਾ ਗਿਆ ਲੋਕ-ਅਰਪਣ
ਲੁਧਿਆਣਾ, 18 ਸਤੰਬਰ 2026
ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਦਿਨਾ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।ਉਹ ਮੇਲੇ ਦੇ ਵਿਭਿੰਨ ਸਟਾਲਾਂ ’ਤੇ ਗਏ, ਉਨ੍ਹਾਂ ਨੇ ਪਸ਼ੂਧਨ ਕਿੱਤਿਆਂ ਸੰਬੰਧੀ ਅਤੇ ਬਿਹਤਰ ਨਸਲਾਂ ਬਾਰੇ ਜਾਨਣ ਲਈ ਵਿਸ਼ੇਸ਼ ਰੁਚੀ ਵਿਖਾਈ।ਉਨ੍ਹਾਂ ਨੇ ਕਿਸਾਨਾਂ ਲਈ ਖੋਜ ਤਕਨਾਲੋਜੀਆਂ ਅਤੇ ਹੋਰ ਸਹੂਲਤਾਂ ਦੇ ਪ੍ਰਦਰਸ਼ਨ ਲਈ ਯੂਨੀਵਰਸਿਟੀ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂ-ਪਾਲਣ ਪ੍ਰਾਚੀਨ ਕਾਲ ਤੋਂ ਹੀ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ-ਪਾਲਣ ਨੂੰ ਵੱਡੇ ਪੱਧਰ `ਤੇ ਅਪਣਾ ਕੇ ਅਸੀਂ ਦੁੱਧ ਦੇ ਉਤਪਾਦਨ ਵਿੱਚ ਵਾਧੂ ਸਮਰੱਥਾ ਹਾਸਲ ਕਰ ਸਕਦੇ ਹਾਂ, ਜਿਸ ਨਾਲ ਜਨਤਕ ਸਿਹਤ ਅਤੇ ਕਿਸਾਨਾਂ ਦੀ ਆਮਦਨ ਵਿੱਚ ਕਾਫ਼ੀ ਸੁਧਾਰ ਹੋਵੇਗਾ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪਸ਼ੂ-ਪਾਲਣ ਦਾ ਕੋਈ ਵੀ ਪਹਿਲੂ ਮਾਮੂਲੀ ਨਹੀਂ ਹੁੰਦਾ। ਉਨ੍ਹਾਂ ਨੇ ਖੋਜ ਪਹਿਲਕਦਮੀਆਂ, ਪਸ਼ੂ-ਪਾਲਕਾਂ ਲਈ ਸਿਖਲਾਈ ਪ੍ਰੋਗਰਾਮਾਂ ਅਤੇ ਮਿਆਰੀ ਉਤਪਾਦਨ ਲਈ ਕੀਤੇ ਜਾ ਰਹੇ ਯਤਨਾਂ ਵਾਸਤੇ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਉਦਘਾਟਨੀ ਸਮਾਗਮ ਵਿੱਚ ਸ. ਗੁਰਦਿੱਤ ਸਿੰਘ ਸੇਖੋਂ, ਐਮ ਐ ਲਏ, ਸ. ਗੁਰਪ੍ਰੀਤ ਸਿੰਘ ਬੰਨਾਵਾਲੀ, ਐਮ ਐਲ ਏ, ਸ. ਜਗਜੀਤ ਸਿੰਘ ਬਰਾੜ, ਐਮ ਐਲ ਏ, ਡਾ. ਪਰਮਦੀਪ ਸਿੰਘ ਵਾਲੀਆ, ਨਿਰਦੇਸ਼ਕ ਪਸ਼ੂ ਪਾਲਣ ਵਿਭਾਗ, ਪੰਜਾਬ, ਡਾ. ਦੇਵੀ ਸਿੰਘ ਰਾਜਪੂਤ, ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਜਯੋਤੀ ਸਰੂਪ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਅਧਿਆਪਕ ਤੇ ਕਰਮਚਾਰੀ ਮੌਜੂਦ ਸਨ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਇਸ ਵਾਰ ਦਾ ਮੇਲਾ ਜੈਵਿਕ ਸੁਰੱਖਿਆ ਦੀ ਜਾਗਰੂਕਤਾ ਨੂੰ ਸਮਰਪਿਤ ਹੈ ਇਸ ਲਈ ਮੇਲੇ ਦਾ ਨਾਅਰਾ ਰੱਖਿਆ ਗਿਆ ਹੈ ‘ਮਜ਼ਬੂਤ ਜੈਵਿਕ ਸੁਰੱਖਿਆ, ਕਰੇ ਬਿਮਾਰੀਆਂ ਤੋਂ ਰੱਖਿਆ’। ਪਸ਼ੂ ਪਾਲਕਾਂ ਨੂੰ ਜੈਵਿਕ ਸੁਰੱਖਿਆ ਦੇ ਵਿਭਿੰਨ ਨੁਕਤਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਬਿਮਾਰੀਆਂ ਤੋਂ ਬਚਣ ਦੇ ਉੁਪਰਾਲੇ ਦੱਸੇ ਜਾਣਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਨਸਲ ਸੁਧਾਰ ਦੇ ਸੰਬੰਧ ਵਿੱਚ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਭਰੂਣ ਤਬਾਦਲਾ ਤਕਨੀਕ ਨਾਲ ਲਗਭਗ 800 ਕੱਟੜੂ-ਵੱਛੜੂ ਪੈਦਾ ਹੋਏ ਹਨ।ਯੂਨੀਵਰਸਿਟੀ ਜਾਨਵਰਾਂ ਅਤੇ ਮਨੁੱਖਾਂ ਦੋਵਾਂ ਵਿੱਚ ਬਿਮਾਰੀਆਂ ਦੀ ਜਾਂਚ ਲਈ ਵੱਖ-ਵੱਖ ਪ੍ਰਯੋਗਸ਼ਾਲਾਵਾਂ ਸਥਾਪਿਤ ਕਰ ਰਹੀ ਹੈ। ਇੱਕ ਨਵੀਂ ਮੋਬਾਈਲ ਫੀਡ ਟੈਸਟਿੰਗ ਪ੍ਰਯੋਗਸ਼ਾਲਾ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਹੈ, ਜੋ ਪਸ਼ੂਆਂ ਦੀ ਖੁਰਾਕ ਦੀ ਜਾਂਚ ਕਰਨ ਲਈ ਕਿਸਾਨਾਂ ਦੇ ਦਰਵਾਜ਼ੇ `ਤੇ ਸੇਵਾ ਦੇਣ ਦੇ ਸਮਰੱਥ ਹੈ।
ਮੇਲੇ ਵਿੱਚ ਮੁਹਤਬਰ ਸਖ਼ਸੀਅਤਾਂ ਕੋਲੋਂ ਯੂਨੀਵਰਸਿਟੀ ਵਿਖੇ ਤਿਆਰ ਕੀਤਾ ਗਿਆ ‘ਮਖਮਲੀ ਕਰੀਮ ਚੀਜ਼’, ‘ਰਿਕੋਟਾ ਚੀਜ਼ ਸਪਰੈਡ’, ‘ਗੋਟ ਮਿਲਕ ਫੇਟਾ ਚੀਜ਼’, ‘ਕੋਟੇਜ ਚੀਜ਼’, ‘ਸਾਹੀਵਾਲ ਗਾਂ ਦਾ ਦੁੱਧ’ ਅਤੇ ਕਾਗਜ਼ ਆਧਾਰਿਤ ਦੁੱਧ ਦੀ ਮਿਲਾਵਟ ਸੰਬੰਧੀ ਕਿੱਟ ਵੀ ਜਾਰੀ ਕਰਵਾ ਕੇ ਲੋਕ ਅਰਪਣ ਕੀਤੀ ਗਈ। ਇਸ ਮੌਕੇ ਹੁਣ ਤਕ ਜਿੰਨ੍ਹਾਂ ਪਸ਼ੂ ਪਾਲਕਾਂ ਨੂੰ ਮੁੱਖ ਮੰਤਰੀ ਪੁਰਸਕਾਰ ਦਿੱਤਾ ਗਿਆ ਹੈ ਉਨ੍ਹਾਂ ਦਾ ਸੰਗ੍ਰਹਿ, ਭਾਰਤ ਵਿੱਚ ਮੀਟ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੰਦੀ ਪੁਸਤਕ ਅਤੇ ਪਸ਼ੂ ਦੀ ਸਰੀਰਕ ਸਰੰਚਨਾ ਨੂੰ ਸਮਝਣ ਵਾਲੀ ਇਕ ਮੋਬਾਈਲ ਐਪ ਵੀ ਜਾਰੀ ਕੀਤੀ ਗਈ।
ਮੇਲੇ ਸਬੰਧੀ ਜਾਣਕਾਰੀ ਦੇਂਦਿਆਂ ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਜਾਣਕਾਰੀ ਦਿੱਤੀ ਕਿ ਕਾਫੀ ਵੱਡੀ ਗਿਣਤੀ ਵਿੱਚ ਲੋਕ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਨਾਉਣ ਸੰਬੰਧੀ ਗਿਆਨ ਲੈ ਰਹੇ ਸਨ। ਉਹ ਯੂਨੀਵਰਸਿਟੀ ਵੱਲੋਂ ਭਵਿੱਖ ਵਿੱਚ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਲੈਣ ਲਈ ਵੀ ਜਗਿਆਸੂ ਸਨ।ਯੂਨੀਵਰਸਿਟੀ ਵੱਲੋਂ ਪਸ਼ੂ ਪਾਲਕਾਂ ਲਈ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਪੁਸਤਕਾਂ ਜਿਵੇਂ ਡੇਅਰੀ ਫਾਰਮਿੰਗ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਪਾਲਣ ਸਬੰਧੀ ਸਮੱਸਿਆਵਾਂ ਅਤੇ ਮਹੀਨੇਵਾਰ ਰਸਾਲੇ ‘ਵਿਗਿਆਨਕ ਪਸ਼ੂ ਪਾਲਣ’ ਨੂੰ ਵੀ ਪਸ਼ੂ ਪਾਲਕਾਂ ਅਤੇ ਨੌਜਵਾਨਾਂ ਨੇ ਬਹੁਤ ਪਸੰਦ ਕੀਤਾ।ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਪਰਚੇ ਵੀ ਵੰਡੇ ਗਏ।
ਯੂਨੀਵਰਸਿਟੀ ਦੇ ਵੈਟਨਰੀ ਕਾਲਜ ਦੇ ਵਿਭਿੰਨ ਵਿਭਾਗਾਂ ਨੇ ਪਸ਼ੂ ਪਾਲਕਾਂ ਦੇ ਫਾਇਦੇ ਹਿੱਤ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ। ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ’ਤੇ ਰੋਸ਼ਨੀ ਪਾਈ।ਦੁੱਧ ਦੀ ਜਾਂਚ ਕਿੱਟ, ਲੇਵੇ ਦੀ ਸੋਜ ਤੋਂ ਬਚਾਉ ਕਿੱਟ, ਥਣਾਂ ਦੀ ਸੰਭਾਲ ਦੀ ਜਾਣਕਾਰੀ ਅਤੇ ਚਿੱਚੜਾਂ, ਮਲੱਪਾਂ ਤੋਂ ਬਚਾਅ ਵਾਸਤੇ ਵੀ ਪ੍ਰਦਰਸ਼ਨੀ ਲਾਈ ਗਈ ਸੀ ਜਿਸ ਦਾ ਪਸ਼ੂ ਪਾਲਕਾਂ ਨੇ ਕਾਫੀ ਫਾਇਦਾ ਪ੍ਰਾਪਤ ਕੀਤਾ।
ਯੂਨੀਵਰਸਿਟੀ ਦੇ ਫਿਸ਼ਰੀਜ ਕਾਲਜ ਨੇ ਜਿੱਥੇ ਕਾਰਪ ਮੱਛੀਆਂ ਅਤੇ ਸਜਾਵਟੀ ਮੱਛੀਆਂ ਦਾ ਪ੍ਰਦਰਸ਼ਨ ਕੀਤਾ, ਉਥੇ ਉਨਾਂ ਨੇ ਖਾਰੇ ਪਾਣੀ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ। ਡਕਵੀਡ ਅਤੇ ਅਜ਼ੋਲਾ ਨੂੰ ਮੱਛੀ ਦੀ ਫੀਡ ਅਤੇ ਪਸ਼ੂ ਆਹਾਰ ਦੇ ਤੌਰ `ਤੇ ਕਿਵੇਂ ਵਰਤਿਆ ਜਾ ਸਕਦਾ ਹੈ ਉਸ ਸਬੰਧੀ ਉਨ੍ਹਾਂ ਨੂੰ ਪੂਰਨ ਜਾਣਕਾਰੀ ਦਿੱਤੀ ਗਈ।ਪਸ਼ੂ ਆਹਾਰ ਵਿਭਾਗ ਵੱਲੋਂ ਤਿਆਰ ਕੀਤੇ ਗਏ ਇਲਾਕਾ ਆਧਾਰਿਤ ਧਾਤਾਂ ਦੇ ਮਿਸ਼ਰਣ, ਬਾਈ-ਪਾਸ ਫੈਟ ਅਤੇ ਪਸ਼ੂ ਚਾਟ ਸਬੰਧੀ ਪਸ਼ੂ ਪਾਲਕ ਵਿਸ਼ੇਸ਼ ਖਿੱਚ ਰੱਖਦੇ ਸਨ।ਉਨਾਂ ਵੱਡੀ ਮਾਤਰਾ ਵਿੱਚ ਇਨਾਂ੍ਹ ਪਦਾਰਥਾਂ ਨੂੰ ਖਰੀਦਣ ਵਿਚ ਰੁਚੀ ਵਿਖਾਈ।
ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ ਦੇ ਡੇਅਰੀ ਪਲਾਂਟ ਵਿੱਚ ਤਿਆਰ ਕੀਤੀ ਭਿੰਨ-ਭਿੰਨ ਤਰ੍ਹਾਂ ਦੀ ਮਿੱਠੀ ਅਤੇ ਨਮਕੀਨ ਲੱਸੀ, ਦੁੱਧ, ਪਨੀਰ, ਢੋਡਾ ਬਰਫੀ, ਅਤੇ ਹੋਰ ਕਈ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੇੇਲੇ ਵਿੱਚ ਆਏ ਲੋਕਾਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ।ਪਸ਼ੂਧਨ ਉਤਪਾਦ ਵਿਭਾਗ ਵੱਲੋਂ ਤਿਆਰ ਕੀਤੇ ਗਏ ਉਤਪਾਦ ਜਿਵੇਂ ਮੀਟ ਦੀਆਂ ਪੈਟੀਆਂ, ਮੀਟ ਤੇ ਆਂਡਿਆਂ ਦਾ ਆਚਾਰ ਖਰੀਦਣ ਅਤੇ ਉਨਾਂ ਨੂੰ ਬਨਾਉੇਣ ਦੀਆਂ ਵਿਧੀਆਂ ਜਾਨਣ ਲਈ ਵੀ ਜਗਿਆਸਾ ਜ਼ਾਹਰ ਕੀਤੀ ਗਈ।ਇਸ ਵਿਭਾਗ ਨੇ ਮੀਟ ਅਤੇ ਆਂਡਿਆਂ ਦੀਆਂ ਵਸਤਾਂ ਪੇਸ਼ ਕੀਤੀਆਂ ਸਨ।ਮਾਹਿਰਾਂ ਨੇ ਇਹ ਵੀ ਦੱਸਿਆ ਕਿ ਇਸ ਕਿੱਤੇ ਨੂੰ ਸ਼ੁਰੂ ਕਰਨ ਲਈ ਯੂਨੀਵਰਸਿਟੀ ਨਾਲ ਸੰਪਰਕ ਰੱਖ ਕੇ ਸਿਖਲਾਈ ਵੀ ਲੈ ਸਕਦੇ ਹਨ।
ਯੂਨੀਵਰਸਿਟੀ ਦੇ ਵੱਖੋ ਵੱਖਰੇ ਵਿਭਾਗ, ਮਿਲਕਫੈਡ, ਦਵਾਈਆਂ, ਟੀਕਿਆਂ ਦੀਆਂ ਫਰਮਾਂ ਅਤੇ ਦੁੱਧ ਪ੍ਰਾਸੈਸਿੰਗ ਮਸ਼ੀਨਰੀ ਵਾਲੀਆਂ ਕੰਪਨੀਆਂ ਨੇ ਆਪਣੇ ਸਟਾਲ ਲਗਾਏ ਹੋਏ ਸਨ।ਯੂਨੀਵਰਸਿਟੀ ਦੀ ਦੇਖ ਰੇਖ ਵਿੱਚ ਸਥਾਪਿਤ ਜਥੇਬੰਦੀਆਂ ਨੇ ਵੀ ਆਪਣੇ ਸਟਾਲ ਲਗਾ ਕੇ ਨਵੇਂ ਮੈਂਬਰਾਂ ਦੀ ਭਰਤੀ ਕੀਤੀ।ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੇ ਪੂਰੇ ਆਨੰਦ ਨਾਲ ਮੇਲੇ ਨੂੰ ਵੇਖਿਆ।ਪਸ਼ੂ ਪਾਲਕਾਂ ਨੇ ਮੇਲੇ ਵਿੱਚ ਭਰਵੀਂ ਹਾਜ਼ਰੀ ਲਗਵਾਈ, ਜਿਸ ਨਾਲ ਪਸ਼ੂ ਪਾਲਣ ਦੇ ਧੰਦਿਆਂ ਨੂੰ ਅਪਨਾਉਣ ਦੀ ਕਿਸਾਨਾਂ ਦੀ ਰੁਚੀ ਦਾ ਪਤਾ ਲਗਦਾ ਹੈ।ਮੇਲਾ 19 ਸਤੰਬਰ ਨੂੰ ਵੀ ਜਾਰੀ ਰਹੇਗਾ।
- Download Babushahi App
-
-