ਗੁਲਜ਼ਾਰ ਖ਼ੁਦਕੁਸ਼ੀ ਮਾਮਲੇ 'ਚ ਹਰਪਾਲ ਚੀਮਾ ਦਾ ਪਹਿਲਾ ਵੱਡਾ ਬਿਆਨ- "ਮੇਰੇ ਖ਼ਿਲਾਫ਼ ਰਚੀ ਜਾ ਰਹੀ ਹੈ ਸਿਆਸੀ ਸਾਜ਼ਿਸ਼, ਸਮਾਂ ਆਉਣ 'ਤੇ ਰੱਖਾਂਗਾ ਪੁਖ਼ਤਾ ਸਬੂਤ"
Babushahi Network
ਚੰਡੀਗੜ੍ਹ, 16 ਸਤੰਬਰ 2026- ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਚਾਰੇ ਪਾਸਿਓਂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪਹਿਲਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਵਿੱਤ ਮੰਤਰੀ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਦਾਅਵਾ ਕੀਤਾ ਹੈ ਕਿ ਇਹ ਉਨ੍ਹਾਂ ਦੇ ਖ਼ਿਲਾਫ਼ ਇੱਕ ਸਿਆਸੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਉਨ੍ਹਾਂ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਲਈ ਹਰ ਹਰਬਾ ਵਰਤ ਰਹੀਆਂ ਹਨ ਅਤੇ ਦੁੱਖ ਦੀ ਗੱਲ ਇਹ ਹੈ ਕਿ, ਇਹ ਲੋਕ ਲਾਸ਼ਾਂ 'ਤੇ ਰਾਜਨੀਤੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੇ।
ਸੂਬੇ ਦੀ ਸਿਆਸਤ ਵਿੱਚ ਮਚੇ ਘਮਾਸਾਨ ਦਰਮਿਆਨ ਆਪਣਾ ਪੱਖ ਰੱਖਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਨਾਲ ਉਨ੍ਹਾਂ ਦਾ ਕੋਈ ਵੀ ਸਿੱਧਾ ਜਾਂ ਅਸਿੱਧਾ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਆਪਣੀ ਬੇਗੁਨਾਹੀ ਦੇ ਬਹੁਤ ਸਾਰੇ ਅਹਿਮ ਸਬੂਤ ਅਤੇ ਦਸਤਾਵੇਜ਼ ਮੌਜੂਦ ਹਨ। ਮੰਤਰੀ ਨੇ ਕਿਹਾ, "ਮੇਰੇ ਕੋਲ ਇਸ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਪੂਰੇ ਪੁਖ਼ਤਾ ਸਬੂਤ ਨੇ, ਜੋ ਇਹ ਸਾਬਤ ਕਰਨਗੇ ਕਿ ਮੈਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।"
ਜਦੋਂ ਉਨ੍ਹਾਂ ਤੋਂ ਇਹ ਪੁੱਛਿਆ ਗਿਆ ਕਿ ਉਹ ਇਹ ਸਬੂਤ ਜਨਤਕ ਤੌਰ 'ਤੇ ਸਾਹਮਣੇ ਕਿਉਂ ਨਹੀਂ ਲਿਆ ਰਹੇ, ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਇਸ ਵੇਲੇ ਹਾਈਕੋਰਟ ਦੇ ਵਿਚਾਰ ਅਧੀਨ ਹੈ। ਇਸ ਕਰਕੇ ਅਦਾਲਤ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਅਜੇ ਕੋਈ ਵੀ ਸਬੂਤ ਜਨਤਕ ਨਹੀਂ ਕਰ ਸਕਦੇ। ਉਨ੍ਹਾਂ ਆਖਿਆ ਕਿ ਜਿਵੇਂ ਹੀ ਹਾਈਕੋਰਟ ਵਿੱਚ ਇਹ ਸਾਰਾ ਮਾਮਲਾ ਸੁਲਝਦਾ ਹੈ ਜਾਂ ਕਾਨੂੰਨੀ ਪ੍ਰਕਿਰਿਆ ਅੱਗੇ ਵਧਦੀ ਹੈ, ਉਹ ਸਾਰੇ ਸਬੂਤ ਜਨਤਾ ਅਤੇ ਮੀਡੀਆ ਦੇ ਸਾਹਮਣੇ ਰੱਖ ਦੇਣਗੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ।
ਹਰਪਾਲ ਚੀਮਾ ਨੇ ਅਦਾਲਤ ਵਿੱਚ ਹੋਈ ਸੁਣਵਾਈ ਅਤੇ ਅਦਾਲਤੀ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੋਰਟ ਵਿੱਚ ਵੀ ਇਹ ਗੱਲ ਸਾਹਮਣੇ ਆਈ ਹੈ ਕਿ ਜੇਕਰ ਕੋਈ ਵਿਅਕਤੀ ਕਿਸੇ ਮਾਮਲੇ ਵਿੱਚ ਜਾਂ ਕਿਸੇ ਦੇ ਕਹਿਣ 'ਤੇ ਕਿਸੇ ਮੰਤਰੀ ਦਾ ਨਾਂ ਲੈ ਲੈਂਦਾ ਹੈ, ਤਾਂ ਉਸ ਨੂੰ ਸਿੱਧੇ ਤੌਰ 'ਤੇ ਮੁਲਜ਼ਮ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਨੂੰਨ ਤੱਥਾਂ ਅਤੇ ਸਬੂਤਾਂ ਦੇ ਆਧਾਰ 'ਤੇ ਚੱਲਦਾ ਹੈ, ਨਾ ਕਿ ਵਿਰੋਧੀ ਧਿਰਾਂ ਦੇ ਝੂਠੇ ਬਿਆਨਾਂ ਜਾਂ ਸਿਆਸੀ ਸਟੰਟਾਂ 'ਤੇ। ਚੀਮਾ ਅਨੁਸਾਰ ਅਦਾਲਤ ਵੱਲੋਂ ਪ੍ਰਗਟਾਏ ਗਏ ਵਿਚਾਰ ਇਹ ਸਾਫ਼ ਕਰਦੇ ਹਨ ਕਿ ਬਿਨਾਂ ਜਾਂਚ ਅਤੇ ਪੁਖ਼ਤਾ ਤੱਥਾਂ ਤੋਂ ਕਿਸੇ 'ਤੇ ਦੋਸ਼ ਮੜ੍ਹਨਾ ਬਿਲਕੁਲ ਗਲਤ ਹੈ।
ਹਰਪਾਲ ਚੀਮਾ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸਮੇਤ ਸਮੁੱਚੀ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਲੀਡਰਾਂ ਕੋਲ ਅੱਜ ਸਰਕਾਰ ਖ਼ਿਲਾਫ਼ ਕੋਈ ਅਸਲ ਮੁੱਦਾ ਨਹੀਂ ਬਚਿਆ, ਜਿਸ ਕਰਕੇ ਉਹ ਇੱਕ ਦੁਖਦਾਈ ਘਟਨਾ ਨੂੰ ਆਪਣੇ ਸਿਆਸੀ ਲਾਹੇ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ, "ਅੱਜ ਵਿਰੋਧੀ ਪਾਰਟੀਆਂ ਦੇ ਆਗੂ ਲਾਸ਼ਾਂ 'ਤੇ ਰਾਜਨੀਤੀ ਕਰ ਰਹੇ ਹਨ। ਇਹ ਬੇਹੱਦ ਸ਼ਰਮਨਾਕ ਹੈ ਕਿ ਇੱਕ ਪਰਿਵਾਰ ਦੇ ਦੁੱਖ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।"
ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਉਥਲ-ਪੁਥਲ ਮਚੀ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਲਗਾਤਾਰ ਖ਼ਜ਼ਾਨਾ ਮੰਤਰੀ ਦੇ ਅਸਤੀਫ਼ੇ ਅਤੇ ਉਨ੍ਹਾਂ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਕਾਂਗਰਸ ਪਾਰਟੀ ਦੇ ਆਲ ਇੰਡੀਆ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ ਸੀ।
ਦੂਜੇ ਪਾਸੇ ਭਾਜਪਾ ਆਗੂ ਵੀ ਲਗਾਤਾਰ ਮ੍ਰਿਤਕ ਗੁਲਜ਼ਾਰ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ। ਅੱਜ ਵੀ ਭਾਜਪਾ ਦੇ ਸੀਨੀਅਰ ਲੀਡਰਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ। ਇਨ੍ਹਾਂ ਸਾਰੇ ਹਮਲਿਆਂ ਅਤੇ ਰੋਸ ਪ੍ਰਦਰਸ਼ਨਾਂ ਦੇ ਜਵਾਬ ਵਿੱਚ ਹਰਪਾਲ ਚੀਮਾ ਦਾ ਇਹ ਪਹਿਲਾ ਬਿਆਨ ਆਇਆ ਹੈ, ਜਿਸ ਨਾਲ ਉਨ੍ਹਾਂ ਨੇ ਸਫ਼ਾਈ ਦਿੰਦਿਆਂ ਵਿਰੋਧੀਆਂ ਨੂੰ ਠੋਕਵਾਂ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਸੱਚ ਸਾਰਿਆਂ ਦੇ ਸਾਹਮਣੇ ਆ ਜਾਵੇਗਾ ਅਤੇ ਸਾਜ਼ਿਸ਼ ਰਚਣ ਵਾਲਿਆਂ ਦਾ ਚਿਹਰਾ ਨੰਗਾ ਹੋਵੇਗਾ।
- Download Babushahi App
-
-