ਗੈਂਗਸਟਰਾਂ 'ਤੇ ਪੰਜਾਬ ਪੁਲਿਸ ਦਾ ਵੱਡਾ ਹਮਲਾ; ਕਬੱਡੀ ਖਿਡਾਰੀ ਦੇ ਕਤਲ 'ਚ ਲੋੜੀਂਦੇ ਸ਼ੂਟਰ ਗ੍ਰਿਫ਼ਤਾਰ
*ਪੰਜਾਬ ਪੁਲਿਸ ਨੇ ਸਰਪੰਚ ਅਤੇ ਕਬੱਡੀ ਖਿਡਾਰੀ ਦੇ ਕਤਲ ਵਿੱਚ ਲੋੜੀਂਦੇ ਸ਼ੂਟਰਾਂ ਨੂੰ ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ*
*ਸੀਐਮ ਮਾਨ ਦਾ ਗੈਂਗਸਟਰਾਂ ਨੂੰ ਸਖ਼ਤ ਸੰਦੇਸ਼, ਅਪਰਾਧ ਕਰਨ ਵਾਲਿਆਂ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਕੱਢ ਲਿਆਵਾਂਗੇ - ਧਾਲੀਵਾਲ*
*'ਆਪ' ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਕਰਨ ਲਈ 'ਮਿਸ਼ਨ ਮੋਡ' ਵਿੱਚ ਕੰਮ ਕਰ ਰਹੀ ਹੈ - ਧਾਲੀਵਾਲ*
ਚੰਡੀਗੜ੍ਹ, 12 ਜਨਵਰੀ 2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ ਤਹਿਤ ਸੋਮਵਾਰ ਨੂੰ ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਵੱਡਾ ਹਮਲਾ ਕੀਤਾ ਹੈ। ਪੰਜਾਬ ਪੁਲਿਸ ਨੇ ਦੋ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਸ਼ੂਟਰਾਂ ਨੂੰ ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਤੋਂ ਗ੍ਰਿਫਤਾਰ ਕੀਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦਾ ਗੈਂਗਸਟਰਾਂ ਨੂੰ ਸਖ਼ਤ ਸੰਦੇਸ਼ ਹੈ ਕਿ ਸਰਕਾਰ ਅਪਰਾਧ ਕਰਨ ਵਾਲਿਆਂ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਲਿਆਵੇਗੀ। 'ਆਪ' ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।
ਸੋਮਵਾਰ ਨੂੰ ਮੁਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਪੈਲੇਸ ਵਿੱਚ ਸਰਪੰਚ ਜਰਨੈਲ ਸਿੰਘ ਵਲਟੋਹਾ ਦੇ ਕਤਲ ਵਿੱਚ ਸ਼ਾਮਲ 7 ਦੋਸ਼ੀਆਂ ਨੂੰ ਪੁਲਿਸ ਨੇ ਮਹਿਜ਼ 8 ਦਿਨਾਂ ਵਿੱਚ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
'ਆਪ' ਆਗੂ ਪ੍ਰਭਬੀਰ ਸਿੰਘ ਬਰਾੜ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਦੂਜੇ ਰਾਜਾਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਇਸ ਆਪ੍ਰੇਸ਼ਨ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਬਿਹਾਰ, ਪਟਨਾ, ਨਾਂਦੇੜ ਅਤੇ ਰਾਏਪੁਰ ਛੱਤੀਸਗੜ੍ਹ ਵਰਗੇ ਇਲਾਕਿਆਂ ਵਿੱਚ ਸ਼ਰਨ ਲਈ ਹੋਈ ਸੀ, ਜਿਨ੍ਹਾਂ ਨੂੰ ਸਾਡੀ ਪੁਲਿਸ ਨੇ 110 ਕਿਲੋਮੀਟਰ ਤੱਕ ਸੀਸੀਟੀਵੀ ਟ੍ਰੈਕ ਕਰਕੇ ਅਤੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਕਾਬੂ ਕੀਤਾ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਕੁਲਵਿੰਦਰ ਸਿੰਘ ਕਿੰਦਾ, ਅਰਮਾਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾਏ ਸਨ। ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਤੋਂ ਫੜੇ ਗਏ ਦੋ ਮੁੱਖ ਮੁਲਜ਼ਮਾਂ ਨੂੰ ਇੱਕ-ਦੋ ਦਿਨਾਂ ਵਿੱਚ ਪੰਜਾਬ ਲਿਆਂਦਾ ਜਾਵੇਗਾ, ਜਿਸ ਤੋਂ ਬਾਅਦ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਕਤਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਦੇ ਇਸ਼ਾਰੇ 'ਤੇ ਕੀਤੇ ਜਾ ਰਹੇ ਹਨ, ਜੋ ਇੱਥੇ ਫੰਡਿੰਗ ਅਤੇ ਹਥਿਆਰ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਧਰਤੀ 'ਤੇ ਖੂਨ-ਖਰਾਬਾ ਕਰਨ ਵਾਲਿਆਂ ਲਈ ਸਿਰਫ਼ ਦੋ ਹੀ ਥਾਵਾਂ ਹਨ - ਜੇਲ੍ਹ ਜਾਂ ਫਿਰ ਪੁਲਿਸ ਦੀ ਗੋਲੀ।
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਵਿਰੁੱਧ ਲੰਬੀ ਲੜਾਈ ਲੜ ਰਹੀ ਹੈ ਅਤੇ ਜਲਦੀ ਹੀ ਪੰਜਾਬ ਨੂੰ ਇਨ੍ਹਾਂ ਬੁਰਾਈਆਂ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦੀ ਬਹਾਦਰੀ 'ਤੇ ਮਾਣ ਹੈ, ਜਿਸ ਨੇ ਕਾਲੇ ਦੌਰ ਵਿੱਚ ਵੀ ਪੰਜਾਬ ਦੀ ਰਾਖੀ ਕੀਤੀ ਸੀ ਅਤੇ ਹੁਣ ਵੀ ਦਿਨ-ਰਾਤ ਇੱਕ ਕਰਕੇ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਰੱਖ ਰਹੀ ਹੈ।
ਦੂਜੇ ਪਾਸੇ 'ਆਪ' ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ 'ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ 'ਜ਼ੀਰੋ ਟੋਲਰੈਂਸ' ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਜੋ ਵੀ ਵਿਅਕਤੀ ਗੋਲੀਆਂ ਚਲਾਏਗਾ ਜਾਂ ਹਿੰਸਾ ਕਰੇਗਾ, ਉਸ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ।
ਸਰਪੰਚ ਕਤਲ ਕੇਸ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਰੀਬ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਦੂਜੇ ਰਾਜਾਂ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਛੱਤੀਸਗੜ੍ਹ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਅਤੇ ਹੁਣ ਸ਼ੂਟਰਾਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿੱਚ ਪੁਲਿਸ 'ਤੇ ਗੋਲੀਆਂ ਚਲਾਉਣ ਵਾਲੇ ਗੋਦਾਰਾ ਗੈਂਗ ਨਾਲ ਜੁੜੇ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਪੋਰਟਸ ਪ੍ਰਮੋਟਰ ਰਾਣਾ ਬਲਾਚੌਰੀਆ ਨਾਲ ਜੁੜੇ ਮੋਹਾਲੀ ਫਾਇਰਿੰਗ ਮਾਮਲੇ ਵਿੱਚ ਦੋਵਾਂ ਸ਼ੂਟਰਾਂ ਨੂੰ ਕੋਲਕਾਤਾ, ਪੱਛਮੀ ਬੰਗਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਬਲਤੇਜ ਪੰਨੂ ਨੇ ਗੈਂਗਸਟਰਾਂ ਅਤੇ ਸ਼ੂਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਇਹ ਸਮਝਦੇ ਹਨ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਦੂਜੇ ਰਾਜਾਂ ਵਿੱਚ ਲੁਕ ਸਕਦੇ ਹਨ, ਉਹ ਵੱਡੀ ਗਲਤਫਹਿਮੀ ਵਿੱਚ ਹਨ। ਪੰਜਾਬ ਪੁਲਿਸ ਕਿਸੇ ਵੀ ਸੂਬੇ ਵਿੱਚ ਜਾ ਕੇ ਉਨ੍ਹਾਂ ਦਾ ਪਿੱਛਾ ਕਰੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇਗੀ। ਐਂਟੀ ਗੈਂਗਸਟਰ ਟਾਸਕ ਫੋਰਸ ਬਾਰੇ ਬਲਤੇਜ ਪੰਨੂ ਨੇ ਕਿਹਾ ਕਿ ਇਸੇ ਟਾਸਕ ਫੋਰਸ ਨੇ ਵੱਖ-ਵੱਖ ਰਾਜਾਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ ਕਿ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਾ ਜਾਵੇ।
ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਆਗੂ ਇਸ ਗੱਲ ਨੂੰ ਕਦੇ ਸਵੀਕਾਰ ਨਹੀਂ ਕਰਦੇ ਕਿ ਪੰਜਾਬ ਪੁਲਿਸ 24 ਘੰਟਿਆਂ ਦੇ ਅੰਦਰ ਕੇਸ ਹੱਲ ਕਰਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਂਦੀ ਹੈ। ਅੱਜ ਪੰਜਾਬ ਪੁਲਿਸ ਕੋਲ ਆਧੁਨਿਕ ਵਾਹਨ, ਉੱਨਤ ਨਿਗਰਾਨੀ ਪ੍ਰਣਾਲੀ ਅਤੇ ਨਵੀਨਤਮ ਤਕਨੀਕ ਮੌਜੂਦ ਹੈ, ਜਿਸ ਨਾਲ ਉਹ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਦੀ ਸੰਵੇਦਨਸ਼ੀਲਤਾ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕੁਝ ਤਾਕਤਾਂ ਵਾਰ-ਵਾਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ।
ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਲੜਾਈ ਵੀ ਯੋਜਨਾਬੱਧ ਅਤੇ ਨਿਰੰਤਰ ਜਾਰੀ ਹੈ। ਫਿਰੌਤੀ, ਗੋਲੀਬਾਰੀ ਜਾਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਪੁਲਿਸ ਦੇ ਫੈਸਲਾਕੁੰਨ ਜਵਾਬ ਲਈ ਤਿਆਰ ਰਹਿਣ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮਾਨ ਸਰਕਾਰ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੰਦੀ ਅਤੇ ਨਾ ਹੀ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਜਾਂ ਤਸਵੀਰਾਂ ਹਨ। ਚਾਹੇ ਕੋਈ ਵੀ ਵਿਅਕਤੀ ਹੋਵੇ, ਉਹ ਕਿਸੇ ਵੀ ਪਰਿਵਾਰ ਨਾਲ ਸਬੰਧਤ ਹੋਵੇ ਜਾਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
Click to Follow Babushahi Facebook page →