ਗ੍ਰਾਮ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸ਼ੇਸ਼ ਮੁਹਿੰਮ 19 ਮਈ ਤੋਂ
ਸ੍ਰੀ ਮੁਕਤਸਰ ਸਾਹਿਬ, 16 ਮਈ 2025- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 15.10.2024 ਨੂੰ ਹੋਈਆਂ ਪਿਛਲੀਆਂ ਆਮ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 31.5.2025 ਨਿਰਧਾਰਤ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਸੋਧ ਉਨ੍ਹਾਂ ਵਾਰਡਾਂ ਜਾਂ ਗ੍ਰਾਮ ਪੰਚਾਇਤਾਂ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਖਾਲੀ ਅਸਾਮੀ ਦੇ ਚਲਦਿਆਂ ਅਜੇ ਚੋਣਾਂ ਹੋਣੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੰਤਵ ਲਈ ਵੋਟਾਂ ਨੂੰ ਸ਼ਾਮਲ ਕਰਨ/ਹਟਾਉਣ, ਜਾਂ ਸੋਧ ਲਈ ਇੱਕ ਵਿਸ਼ੇਸ਼ ਮੁਹਿੰਮ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ 19.5.2025 (ਸੋਮਵਾਰ), 20.5.2025 (ਮੰਗਲਵਾਰ) ਅਤੇ 21.5.2025 (ਬੁੱਧਵਾਰ) ਨੂੰ ਸਬੰਧਤ ਵਾਰਡਾਂ/ਗਰਾਮ ਪੰਚਾਇਤਾਂ ਵਿੱਚ ਨਵੀਆਂ ਵੋਟਾਂ ਬਨਾਉਣ ਜਾਂ ਕੱਟਣ ਜਾਂ ਤਬਦੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਏਡੀਸੀ ਸੁਰਿੰਦਰ ਸਿੰਘ ਢਿੱਲੋਂ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੋਟਰ ਆਪਣਾ ਨਾਮ ਇਨ੍ਹਾਂ ਵਾਰਡਾਂ/ਗ੍ਰਾਮ ਪੰਚਾਇਤਾਂ, ਜਿੱਥੇ ਚੋਣਾਂ ਹੋਣੀਆਂ ਹਨ, ਦੀ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਸ ਮੌਕੇ ਅਜਿਹਾ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਇਤਰਾਜ਼ ਜਮ੍ਹਾਂ ਕਰਵਾਉਣ ਜਾਂ ਸੋਧ ਕਰਵਾਉਣ ਦੇ ਮਾਮਲੇ ਵਿੱਚ ਸਬੰਧਤ ਵਿਅਕਤੀ ਇਸ 3 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲੋੜੀਂਦੀ ਕਾਰਵਾਈ ਲਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ, ਭਾਵ ਐਸ.ਡੀ.ਐਮ. ਕੋਲ ਫਾਰਮ ਜਮ੍ਹਾਂ ਕਰਵਾ ਸਕਦੇ ਹਨ।