ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ 14 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿੱਤੇ
ਪੰਜਾਬ ਸਰਕਾਰ ਵੱਲੋਂ ਜਲਦੀ ਹੀ 1000 ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 2 ਜੂਨ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੇਂ ਨਿਯੁਕਤ ਕੀਤੇ 14 ਹਾਊਸ ਸਰਜਨਾਂ ਨੂੰ ਅੱਜ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਨਿਯੁਕਤੀ ਪੱਤਰ ਦਿੱਤੇ ਹਨ।
ਨਵ ਨਿਯੁਕਤ ਹਾਊਸ ਸਰਜਨਾਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਨ੍ਹਾਂ ਹਾਊਸ ਸਰਜਨਾਂ ਦੀ ਨਿਯੁਕਤੀ ਨਾਲ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਹ ਮੈਡੀਕਲ ਅਫ਼ਸਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਖੇ ਆਪਣੀਆਂ ਸੇਵਾਵਾਂ ਦੇਣਗੇ ਅਤੇ ਜ਼ਰੂਰਤ ਅਨੁਸਾਰ ਇਨ੍ਹਾਂ ਦੇ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਊਸ ਸਰਜਨ ਦੀ ਭਰਤੀ ਨਾਲ ਮੈਡੀਕਲ ਅਫ਼ਸਰਾਂ ਦੀ ਕਮੀ ਘੱਟ ਹੋਈ ਹੈ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਹਾਊਸ ਸਰਜਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨੂੰ ਨਿਭਾਉਣ ਅਤੇ ਮੈਡੀਕਲ ਖੇਤਰ ਵਿੱਚ ਆਪਣੀ ਪੇਸ਼ੇਵਾਰਾਨਾ ਪਹੁੰਚ ਨਾਲ ਮਰੀਜ਼ਾਂ ਦੀ ਸੇਵਾ ਕਰਨ। ਇਸ ਮੌਕੇ ਉਨ੍ਹਾਂ ਨਵ ਨਿਯੁਕਤ ਹਾਊਸ ਸਰਜਨਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ 1000 ਮੈਡੀਕਲ ਅਫ਼ਸਰਾਂ ਦੀ ਭਰਤੀ ਕਰਨ ਜਾ ਰਹੀ ਹੈ। ਇਸ ਭਰਤੀ ਲਈ ਹੁਣ ਤੱਕ 4600 ਦੇ ਕਰੀਬ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਜਲਦੀ ਹੀ ਪ੍ਰਵੇਸ਼ ਪਰੀਖਿਆ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਦੇ ਮੁਕੰਮਲ ਹੋਣ ਨਾਲ ਰਾਜ ਵਿੱਚ ਮੈਡੀਕਲ ਅਫ਼ਸਰਾਂ ਦੀ ਕਮੀ ਨਹੀਂ ਰਹੇਗੀ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਸਿਹਤ ਦਾ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਭ ਤੋਂ ਤਰਜੀਹੀ ਖੇਤਰ ਹੈ ਅਤੇ ਬੀਤੇ ਤਿੰਨ ਸਾਲਾਂ ਵਿੱਚ ਆਪ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਲਿਆਂਦੀਆਂ ਹਨ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਨਵੇਂ ਚੁਣੇ ਹਾਊਸ ਸਰਜਨਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ਾ ਇੱਕ ਪਵਿੱਤਰ ਪੇਸ਼ਾ ਹੈ ਅਤੇ ਇਸ ਪੇਸ਼ੇ ਦੀ ਪਵਿੱਤਰਤਾ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਊਸ ਸਰਜਨਾਂ ਦੀ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ 'ਤੇ ਕੀਤੀ ਗਈ ਹੈ। ਇਸ ਮੌਕੇ ਏ.ਸੀ.ਐੱਸ ਡਾਕਟਰ ਪ੍ਰਭਜੋਤ ਕੌਰ ਕਲਸੀ, ਸੁਪਰਡੈਂਟ ਸੁਰੇਖਾ ਠਾਕੁਰ, ਮਾਸ ਮੀਡੀਆ ਅਫ਼ਸਰ ਰੁਪਿੰਦਰਜੀਤ ਕੌਰ, ਪੁਸ਼ਪਿੰਦਰ ਕੁਮਾਰ ਆਦਿ ਹਾਜ਼ਰ ਸਨ