ਛੋਟਾ ਘੱਲੂਘਾਰਾ ਸ਼ਹੀਦੀ ਸਾਕੇ ਨੂੰ ਸਮਰਪਿਤ ਸਮਾਗਮ ਹੁਣ ਹਰ ਸਾਲ ਕਰਵਾਇਆ ਜਾਵੇਗਾ - ਦੀਪਕ ਬਾਲੀ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਰਾਜ ਪੱਧਰੀ ਸਮਾਗਮ ਕਰਾਉਣ ਦੀ ਰੱਖੀ ਸੀ ਮੰਗ
ਰੋਹਿਤ ਗੁਪਤਾ
ਗੁਰਦਾਸਪੁਰ, 6 ਮਈ - ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੱਲੋਂ ਬੀਤੀ ਸ਼ਾਮ ਛੋਟਾ ਘੱਲੂਘਾਰਾ ਛੰਬ ਕਾਹਨੂੰਵਾਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।
ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦੇ ਦੌਰੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਸ਼ਹੀਦੀ ਸਮਾਰਕ ਵਿੱਚ ਸ਼ਹੀਦੀ ਗੈਲਰੀ, ਵਿਕਟਰੀ ਟਾਵਰ, ਲਾਇਬ੍ਰੇਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਛੋਟੇ ਘੱਲੂਘਾਰੇ ਉੱਪਰ ਬਣੀ ਦਸਤਾਵੇਜ਼ੀ ਫਿਲਮ ਵੀ ਦੇਖੀ। ਇਸ ਮੌਕੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਉਚੇਚੇ ਯਤਨਾਂ ਸਦਕਾ 18ਵੀਂ ਸਦੀ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਬਣੀ ਸ਼ਹੀਦੀ ਯਾਦਗਾਰ ਦੀ ਸੰਭਾਲ, ਰੱਖ-ਰਖਾਅ ਤੇ ਨਵੀਨੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੀਆਂ ਸਭ ਤੋਂ ਦਰਦਨਾਕ ਘਟਨਾਵਾਂ ਵਿੱਚੋਂ ਇੱਕ ਛੋਟਾ ਘੱਲੂਘਾਰਾ, ਕਹਾਨੂੰਵਾਨ ਛੰਬ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਪੰਜਾਬ ਸਰਕਾਰ ਵੱਲੋਂ ਹਰ ਰਾਜ-ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਇਹ ਸਮਾਗਮ ਨਾ ਸਿਰਫ਼ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਹੋਵੇਗਾ, ਸਗੋਂ ਨਵੀਂ ਪੀੜ੍ਹੀ ਨੂੰ ਇਤਿਹਾਸਕ ਚੇਤਨਾ, ਸਾਂਝੀ ਵਿਰਾਸਤ ਅਤੇ ਆਪਣੀ ਅਸਲੀ ਪਛਾਣ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਮੋੜ ਵੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅਖੀਰ ਵਿੱਚ ਵੀ ਛੋਟਾ ਘੱਲੂਘਾਰਾ, ਕਾਹਨੂੰਵਾਨ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ਼ੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕਰਕੇ ਇਹ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਵੱਲੋਂ ਛੋਟਾ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਰਾਜ ਪੱਧਰੀ ਸਮਾਗਮ ਕੀਤਾ ਜਾਵੇ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਭੇਜਿਆ ਗਿਆ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ ਕੇਵਲ ਸਮਾਗਮ ਨਹੀਂ, ਸਗੋਂ ਕੌਮ ਦੀ ਰੂਹਾਨੀ ਸ਼ਕਤੀ ਅਤੇ ਇਤਿਹਾਸਕ ਗੌਰਵ ਨੂੰ ਨਮਨ ਕਰਨ ਦਾ ਇਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਦੇ ਨਵੀਨੀਕਰਨ ਅਤੇ ਵਿਸ਼ਵ-ਪੱਧਰੀ ਵਿਕਾਸ ਨੂੰ ਲੈ ਕੇ ਹੁਣ ਲੰਮੀ ਰਣਨੀਤੀ ਬਣਾ ਕੇ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਸਾਡੀ ਕੌਮ ਦਾ ਬੇਸ਼ਕੀਮਤੀ ਸਰਮਾਇਆ ਹੈ ਅਤੇ ਇਸਦੀ ਸੰਭਾਲ ਲਈ ਹਰ ਉਪਰਾਲਾ ਕੀਤਾ ਜਾਵੇਗਾ।