ਜਗਰਾਉਂ ਪਹੁੰਚੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ, ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਦੀਪਕ ਜੈਨ, ਜਗਰਾਉਂ
ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਅੱਜ ਵਿਸ਼ੇਸ਼ ਤੌਰ 'ਤੇ ਜਗਰਾਉਂ ਪਹੁੰਚੇ, ਜਿੱਥੇ ਉਨ੍ਹਾਂ ਨੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਮਾਲੀ-ਬੇਲਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਐਸ.ਡੀ.ਐਮ. ਬਾਦਲ ਦੀਨ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ (ਈ.ਓ.) ਮੋਹਿਤ ਸ਼ਰਮਾ ਵੀ ਮੌਜੂਦ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਲਈ ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਕੇ ਸਿੱਧੀ ਭਰਤੀ ਕਰਨ ਸਬੰਧੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੀਟਿੰਗ ਹੋ ਚੁੱਕੀ ਹੈ ਅਤੇ ਕੈਬਨਿਟ ਵਿੱਚ ਮਤਾ ਵੀ ਪਾਸ ਕੀਤਾ ਗਿਆ ਹੈ।
ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਸਮਾਜ ਦੀ ਸਿਹਤ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲਾ ਵਰਗ ਦੱਸਦਿਆਂ ਕਿਹਾ ਕਿ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਮਿਸ਼ਨ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।
ਐਸ.ਡੀ.ਐਮ. ਬਾਦਲ ਦੀਨ ਨੇ ਭਰੋਸਾ ਦਿੱਤਾ ਕਿ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਨੂੰ ਅਗਲੇ ਦੋ ਹਫ਼ਤਿਆਂ ਅੰਦਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮਸਲੇ ਸਰਕਾਰ ਪੱਧਰ ਨਾਲ ਸਬੰਧਿਤ ਹਨ, ਉਹ ਸਬੰਧਤ ਵਿਭਾਗ ਨੂੰ ਭੇਜੇ ਜਾਣਗੇ।
ਸ਼ਹਿਰ ਵਿੱਚ ਠੋਸ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਈ.ਓ. ਮੋਹਿਤ ਸ਼ਰਮਾ ਨੇ ਕਿਹਾ ਕਿ ਪਿੰਡ ਕਾਉਂਕੇ ਕਲਾਂ ਵਿਖੇ ਲਗਭਗ 1.5 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਮਟੀਰੀਅਲ ਰਿਕਵਰੀ ਫੈਸਿਲਿਟੀ (MRF) ਅਤੇ ਸੈਨੇਟਰੀ ਲੈਂਡਫਿਲ ਸਾਈਟ (SLF) ਸਥਾਪਤ ਕਰਨ ਦੀ ਯੋਜਨਾ ਹੈ। ਉਨ੍ਹਾਂ ਅਨੁਸਾਰ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਨਜਾਇਜ਼ ਡੰਪਾਂ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ।
- Download Babushahi App
-
-