ਜਗਸੀਰ ਸਿੰਘ ਨੇ ਫਾਰਮੇਸੀ ਅਫ਼ਸਰਾਂ ਅਤੇ ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ
ਅਸ਼ੋਕ ਵਰਮਾ
ਬਠਿੰਡਾ, 25 ਜੂਨ 2025 : ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲ ਰਹੇ ਸਬ ਸਿਡਰੀ ਹੈਲਥ ਸੈਂਟਰਾਂ 'ਚ ਕੰਮ ਕਰਦੇ 23 ਫਾਰਮੇਸੀ ਅਫ਼ਸਰਾਂ ਅਤੇ 19 ਅਟੈਂਡੈਂਟ-ਕਮ-ਦਰਜਾ ਚਾਰ ਮੁਲਜ਼ਮਾਂ ਨੂੰ ਸਥਾਨਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ। ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਿਖਲਾਈ ਅਧੀਨ ਆਈ.ਏ.ਐਸ ਮੈਡਮ ਹਰਸ਼ਿਤ ਸ਼ਰਮਾ, ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਮਹਿਤਾ, ਚੇਅਰਮੈਨ ਇੰਮਪਰੂਵਮੈਂਟ ਟਰਸਟ ਸ੍ਰੀ ਜਤਿੰਦਰ ਭੱਲਾ, ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ੍ਰੀ ਗੁਰਜੰਟ ਸਿੰਘ ਸਿਵੀਆਂ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਬੱਲੀ ਬਲਜੀਤ ਅਤੇ ਆਪ ਦੇ ਬਲਾਕ ਪ੍ਰਧਾਨ ਸ੍ਰੀ ਬੂਟਾ ਸਿੰਘ ਸਿਵੀਆਂ ਆਦਿ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਵਿਕਾਸ ਦੇ ਨਾਲ-ਨਾਲ ਰੁਜ਼ਗਾਰ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਫਾਰਮੇਸੀ ਅਫ਼ਸਰਾਂ ਅਤੇ ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।
ਇਸ ਤੋਂ ਪਹਿਲਾਂ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਹ ਮੁਲਾਜ਼ਮ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲ ਰਹੇ ਸਬ ਸਿਡਰੀ ਹੈਲਥ ਸੈਂਟਰਾਂ ਚ ਬਤੌਰ ਫਾਰਮੇਸੀ ਅਫ਼ਸਰ ਅਤੇ ਅਟੈਂਡੈਂਟ-ਕਮ-ਦਰਜਾ ਚਾਰ ਵਜੋਂ ਕੰਮ ਕਰ ਰਹੇ ਸਨ। ਇਹ ਮੁਲਾਜ਼ਮ ਜਿਹੜੇ ਹੁਣ ਪ੍ਰਸ਼ੋਨਲ ਵਿਭਾਗ ਦੀ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਸਨ, ਉਨ੍ਹਾਂ ਨੂੰ ਨਿਯੁਕਤੀ ਦੀ ਪੇਸ਼ਕਸ ਕੀਤੀ ਗਈ ਸੀ। ਇਨ੍ਹਾਂ ਮੁਲਾਜ਼ਮਾਂ ਵਿੱਚ 23 ਫਾਰਮੇਸੀ ਅਫ਼ਸਰ ਅਤੇ 19 ਅਟੈਂਡੈਂਟ-ਕਮ-ਦਰਜਾ ਚਾਰ ਮੁਲਜ਼ਮ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਫਾਰਮੇਸੀ ਅਫ਼ਸਰਾਂ ਜਿੰਨ੍ਹਾਂ ਦੀ ਪਹਿਲਾਂ ਤਨਖਾਹ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੀ, ਹੁਣ ਇਨ੍ਹਾਂ ਦੀ ਤਨਖਾਹ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਸ ਤੋਂ ਇਲਾਵਾ ਇਨ੍ਹਾਂ ਮੁਲਾਜ਼ਮਾਂ ਨੂੰ 30 ਹਜ਼ਾਰ ਰੁਪਏ ਤੱਕ ਸ਼ਲਾਨਾ ਤਰੱਕੀ 5 ਫ਼ੀਸਦੀ ਦੀ ਦਰ ਨਾਲ ਦਿੱਤੀ ਜਾਵੇਗੀ ਅਤੇ 30 ਹਜ਼ਾਰ ਤੋਂ ਬਾਅਦ 3 ਪ੍ਰਤੀਸ਼ਤ ਦੀ ਦਰ ਨਾਲ ਸ਼ਲਾਨਾ ਤਰੱਕੀ ਹੋਵੇਗੀ।
ਇਸੇ ਤਰ੍ਹਾਂ ਅਟੈਂਡੈਂਟ-ਕਮ-ਦਰਜਾ ਚਾਰ ਮੁਲਜ਼ਮਾਂ ਦੀ ਪਹਿਲਾਂ ਤਨਖਾਹ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੀ, ਹੁਣ ਇਨ੍ਹਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 25 ਹਜ਼ਾਰ ਰੁਪਏ ਤੱਕ ਸਲਾਨਾ ਤਰੱਕੀ 5 ਫ਼ੀਸਦੀ ਦੀ ਦਰ ਨਾਲ ਦਿੱਤੀ ਜਾਵੇਗੀ ਅਤੇ 25 ਹਜ਼ਾਰ ਤੋਂ ਬਾਅਦ 3 ਪ੍ਰਤੀਸ਼ਤ ਦੀ ਦਰ ਨਾਲ ਸ਼ਲਾਨਾ ਤਰੱਕੀ ਮਿਲਣਯੋਗ ਹੋਵੇਗੀ।