ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਕਲਪ ਇਤਿਹਾਸਕ ਕਦਮ ਕਰਾਰ
ਅਸ਼ੋਕ ਵਰਮਾ
ਬਠਿੰਡਾ, 23 ਅਕਤੂਬਰ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਇਨਸਾਫ਼ ਦਿਵਾਉਣ ਦਾ ਭਰੋਸਾ ਦੇਣ ਅਤੇ ਇਸ ਮਾਮਲੇ ਵਿੱਚ ਕੇਂਦਰੀ ਏਜੰਸੀਆਂ ਜ਼ਰੀਏ ਸਖ਼ਤ ਰੁਖ ਅਪਣਾਉਣ ਦੀ ਪੂਰੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਨੇ ਇਸ ਨੂੰ ਪੰਜਾਬ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਲਿਹਾਜ਼ ਨਾਲ ਬੇਹੱਦ ਅਹਿਮ ਦੱਸਿਆ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮਾਨਸਾ ਆ ਕੇ ਸਿੱਧੇ ਤੌਰ 'ਤੇ ਪੀੜਤ ਪਰਿਵਾਰ ਦੇ ਦੁੱਖ ਨੂੰ ਸਾਂਝਾ ਕਰਨਾ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਇਨਸਾਫ਼ ਦਾ ਭਰੋਸਾ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਕੇਂਦਰ ਸਰਕਾਰ ਲੋਕ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਉਸ ਨਾਲ ਆਮ ਜਨਤਾ ਦਾ ਕਾਨੂੰਨ ਅਤੇ ਵਿਵਸਥਾ ਉੱਤੇ ਵਿਸ਼ਵਾਸ ਹੋਰ ਜ਼ਿਆਦਾ ਮਜ਼ਬੂਤ ਹੋਇਆ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਗ੍ਰਹਿ ਮੰਤਰੀ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਗਟਾਏ ਗਏ ਸੰਕਲਪ ਨੂੰ ਪੂਰੀ ਤਰ੍ਹਾਂ ਪੰਜਾਬ ਦੇ ਹਿੱਤ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਅੱਜ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਕੇਂਦਰ ਸਰਕਾਰ ਦਾ ਇਸ ਨਾਸੂਰ ਖਿਲਾਫ ਸਖ਼ਤ ਰੁਖ਼ ਅਪਣਾਉਣਾ ਰਾਜ ਦੇ ਉੱਜਵਲ ਭਵਿੱਖ ਲਈ ਬਹੁਤ ਜ਼ਰੂਰੀ ਹੈ। ਸਿੰਗਲਾ ਨੇ ਵਿਸ਼ਵਾਸ ਜਤਾਇਆ ਕਿ ਕੇਂਦਰੀ ਲੀਡਰਸ਼ਿਪ ਦੀ ਅਗਵਾਈ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਇਸ ਮੁਹਿੰਮ ਨੂੰ ਜਲਦੀ ਹੀ ਠੋਸ ਅਤੇ ਸਕਾਰਾਤਮਕ ਨਤੀਜੇ ਮਿਲਣਗੇ।
- Download Babushahi App
-
-