ਝੋਨੇ ਦੀ ਕਟੌਤੀ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ; ਚੰਡੀਗੜ੍ਹ-ਮਨਾਲੀ ਹਾਈਵੇ ਜਾਮ
Babushahi Network
ਰੂਪਨਗਰ, 6 ਅਕਤੂਬਰ 2026: ਝੋਨੇ ਦੀ ਫਸਲ ਦੀ ਖਰੀਦ ਦੌਰਾਨ ਆੜ੍ਹਤੀਆਂ ਵੱਲੋਂ ਕੀਤੀ ਜਾ ਰਹੀ ਕਥਿਤ ਕਟੌਤੀ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੂਪਨਗਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਹਾਈਵੇ ਜਾਮ ਹੋਣ ਕਾਰਨ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਮੰਡੀਆਂ ਵਿੱਚੋਂ ਚੁੱਕਣ ਅਤੇ ਸਰਕਾਰੀ ਮਾਪਦੰਡਾਂ ਅਨੁਸਾਰ ਖਰੀਦ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਕਥਿਤ ਕਟੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿੱਚ ਲਿਆਂਦੇ ਝੋਨੇ ਦੀ ਸਰਕਾਰੀ ਨਿਯਮਾਂ ਅਨੁਸਾਰ ਹੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਵਾਜਬ ਕਟੌਤੀ ਨਾ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਝੋਨੇ ਦੀਆਂ ਭਰੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ, ਪਰ ਲਿਫਟਿੰਗ ਦੀ ਰਫ਼ਤਾਰ ਮੰਦ ਹੋਣ ਕਾਰਨ ਮੰਡੀਆਂ ਵਿੱਚ ਨਵੀਂ ਫਸਲ ਰੱਖਣ ਲਈ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਮੁਤਾਬਕ ਮੰਡੀ ਵਿੱਚ ਤਾਇਨਾਤ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਜੇ ਤੱਕ ਸ਼ੈਲਰਾਂ ਨੂੰ ਮੰਡੀਆਂ ਅਲਾਟ ਨਹੀਂ ਕੀਤੀਆਂ ਗਈਆਂ।
ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਪ੍ਰਸ਼ਾਸਨ ਕਟੌਤੀ ਰੋਕਣ ਅਤੇ ਫਸਲ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਯਕੀਨੀ ਬਣਾਉਣ ਲਈ ਠੋਸ ਕਦਮ ਨਹੀਂ ਚੁੱਕਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।
- Download Babushahi App
-
-