ਝੋਨੇ ਦੀ ਪਰਾਲੀ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜ਼ਾਨਾ ਹੈ, ਖੇਤਾਂ ਵਿਚ ਸੰਭਾਲੋ-ਡਾ. ਅਮਰੀਕ ਸਿੰਘ
ਫੀਡ ਬੈਕ ਫਾਊਂਡੇਸ਼ਨ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਰੋਹਿਤ ਗੁਪਤਾ
ਬਟਾਲਾ, 13 ਅਗਸਤ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਗੁਰਦਾਸਪੁਰ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਫੀਡ ਬੈਕ ਫਾਊਂਡੇਸ਼ਨ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋਂ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸੀਨਰੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ, ਜਿਸ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਖੇਤ ਤੋਂ ਬਾਹਰ ਅਤੇ ਖੇਤ ਅੰਦਰ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜ਼ਿਲਾ ਗੁਰਦਾਸਪੁਰ ਵਿਚ ਪਿਛਲੇ ਸਾਲ ਪਰਾਲੀ ਨੂੰ ਅੱਗ ਲੱਗਣ ਦੀਆਂ 199 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ,ਜਿਨ੍ਹਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜਾਨਾ ਹੈ। ਉਨਾਂ ਕਿਹਾ ਕਿ ਇਕ ਏਕੜ ਵਿੱਚੋਂ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਜੇਕਰ ਇਸ ਨੂੰ ਖੇਤ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ 1200 ਕਿਲੋ ਜੈਵਿਕ ਮਾਦਾ,16.5 ਕਿਲੋ ਨਾਈਟਰੋਜਨ, 6.9 ਕਿਲੋ ਫਾਸਫੋਰਸ, 62.5ਕਿਲੋ ਪੋਟਾਸ਼ ਅਤੇ 3.6ਕਿਲੋ ਸਲਫ਼ਰ ਮਿੱਟੀ ਨੂੰ ਮਿਲ ਜਾਂਦੀ ਹੈ ਜਿਸ ਦੀ ਕੁਲ ਕੀਮਤ ਤਕਰੀਬਨ 16 ਹਜ਼ਾਰ ਬਣਦੀ ਹੈ।
ਉਨਾਂ ਕਿਹਾ ਕਿ ਫੀਡ ਬੈਕ ਫਾਊਂਡੇਸ਼ਨ ਵਲੋਂ ਝੋਨੇ ਦੀ ਪਰਾਲੀ ਅਤੇ ਪਸ਼ੂਆਂ ਦੇ ਗੋਹੇ ਤੋਂ ਦੇਸੀ ਖਾਦ ਤਿਆਰ ਕਰਨ ਦਾ ਕੰਮ ਵੱਡੀ ਪੱਧਰ ’ਤੇ ਕੀਤਾ ਜਾ ਰਿਹਾ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾ ਕੇ ਵਾਤਾਵਰਨ ਸ਼ੁੱਧ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਈਏ ਤਾਂ ਜੋਂ ਜ਼ਿਲਾ ਗੁਰਦਾਸਪੁਰ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾ ਸਕੇ।
ਡਾ.ਸੁਖਬੀਰ ਸਿੰਘ ਨੇ ਕਿਸਾਨਾਂ ਨੁੰ ਸੀ ਆਰ ਐਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ । ਸਤਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ , ਝੋਨੇ ਦੇ ਬੌਣੇ ਬੂਟਿਆਂ ਦੇ ਵਿਸ਼ਾਨੂੰ ਰੋਗ ਬਾਰੇ ਬਾਰੇ ਜਾਣੂ ਕਰਵਾਇਆ। ਖੇਤੀ ਵਿਸਥਾਰ ਅਫ਼ਸਰ ਸੰਦੀਪ ਸਿੰਘ ਨੇ ਆਖਰ ਵਿਚ ਫੀਡ ਬੈਕ ਫਾਊਂਡੇਸ਼ਨ, ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ.ਸੁਖਬੀਰ ਸਿੰਘ ਸੰਧੂ, ਬਰਿੰਦਰ ਕੁਮਾਰ ਫੀਡ ਬੈਕ ਫਾਊਂਡੇਸ਼ਨ, ਸੁਖਦਿਆਲ ਸਿੰਘ, ਸਤਵਿੰਦਰ ਸਿੰਘ, ਸੰਦੀਪ ਸਿੰਘ, ਤਰਲੋਚਨ ਸਿੰਘ ਚਾਹਲ ਖੇਤੀ ਵਿਸਥਾਰ ਅਫ਼ਸਰ, ਪੁਨੀਤ ਕੁਮਾਰ ਖੇਤੀ ਉਪ ਨਿਰੀਖਕ, ਪਰਮਜੀਤ ਸਿੰਘ, ਪਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਔਰਤਾਂ ਹਾਜ਼ਰ ਮੌਕੇ ਸਨ।