ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਮੰਤਰੀ ਸੌਂਦ
Ravinder Singh
ਖੰਨਾ , 2 ਅਕਤੂਬਰ 2026- ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਤੇ ਚੁੱਕਣ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਲਈ ਮਾਨ ਸਰਕਾਰ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਬਿਜਲੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਮੰਤਰੀ ਸੌਂਦ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਸੌਂਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਉਹ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੌਂਦ ਨੇ ਅਧਿਕਾਰੀਆਂ ਦੇ ਨਾਲ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆੜ੍ਹਤੀਆ ਨਾਲ ਮੀਟਿੰਗ ਕੀਤੀ ਅਤੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ 'ਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਵੱਲੋਂ ਕੈਬਨਿਟ ਮੰਤਰੀ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ।
- Download Babushahi App
-
-