ਡਾ. ਗੁਰਪ੍ਰੀਤ ਕੌਰ ਮਾਨ ਦੀ ਮੌਜੂਦਗੀ ''ਚ ਨਗਰ ਕੌਂਸਲ ਪ੍ਰਧਾਨ ਆਸ਼ੂ ਅਰੋੜਾ ਨੇ ਸੰਭਾਲਿਆ ਅਹੁਦਾ
-ਵਿਧਾਇਕ ਘੁੰਮਣ ਦੀ ਅਗਵਾਈ ਹੇਠ ਹੋਏ ਸ਼ਾਨਦਾਰ ਤਾਜਪੋਸ਼ੀ ਸਮਾਗਮ 'ਚ ਡਾ. ਚੱਬੇਵਾਲ ਅਤੇ ਹੋਰਨਾਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ
ਤਲਵਾੜਾ/ਹੁਸ਼ਿਆਰਪੁਰ, 20 ਮਈ 2025 - ਨਗਰ ਕੌਂਸਲ ਤਲਵਾੜਾ ਦੇ ਨਵੇਂ ਬਣੇ ਪ੍ਰਧਾਨ ਹਰਸ਼ ਕੁਮਾਰ ਆਸ਼ੂ ਅਰੋੜਾ ਨੇ ਅੱਜ ਨਗਰ ਕੌਂਸਲ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਨਗਰ ਕੌਂਸਲ ਵੱਲੋਂ ਕਰਵਾਏ ਗਏ ਸ਼ਾਨਦਾਰ ਤਾਜਪੋਸ਼ੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੇ ਸੰਬੋਧਨ ਦੌਰਾਨ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਆਸ਼ੂ ਅਰੋੜਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਪੂਰੀ ਇਮਾਨਦਾਰੀ ਤੇ ਸਖ਼ਤ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਾਲ-ਨਾਲ ਸੂਬੇ ਅੰਦਰੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।। ਉਨ੍ਹਾਂ ਕਿਹਾ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਸ਼ੂ ਅਰੋੜਾ ਤਲਵਾੜਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਅਤੇ ਜਵਾਨੀ ਨੂੰ ਬਚਾਉਣ ਲਈ ਦਿਨ-ਰਾਤ ਇਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੰਢੀ ਇਲਾਕੇ ਲਈ ਉਨ੍ਹਾਂ ਵੱਲੋਂ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਮੁਫ਼ਤ ਬਿਜਲੀ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ।
ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਵਿਸ਼ੇਸ਼ ਤੌਰ ' ਤੇ ਸਨਮਾਨਿਤ ਕੀਤਾ ਗਿਆ।
ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਅਰੋੜਾ ਨੇ ਤਲਵਾੜਾ ਦੇ ਚਹੁੰਮੁਖੀ ਵਿਕਾਸ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਉਹ ਤਲਵਾੜਾ ਵਾਸੀਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਜਗਮੋਹਨ ਸਿੰਘ ਬੱਬੂ ਘੁੰਮਣ, ਪ੍ਰਭਜੋਤ ਕੌਰ ਘੁੰਮਣ, ਨਗਰ ਕੌਂਸਲ ਦੇ ਮੀਤ ਪ੍ਰਧਾਨ ਅੰਕੁਸ਼ ਸੂਦ, ਸੁਰਿੰਦਰ ਸਿੰਘ ਸੌਖੀ, ਐਸਡੀਐਮ ਕੰਵਲਜੀਤ ਸਿੰਘ ਅਤੇ ਐਸ.ਪੀ ਮੇਜਰ ਸਿੰਘ ਤੋਂ ਇਲਾਵਾ ਕੌਂਸਲਰ ਪਿੰਡਾਂ ਦੇ ਸਰਪੰਚ ਪੰਚ ਨੰਬਰਦਾਰ, ਵੱਖ-ਵੱਖ ਜਥੇਬੰਦੀਆਂ ਅਤੇ ਕਮੇਟੀਆਂ ਦੇ ਅਹੁਦੇਦਾਰ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।